ਨਵੀਂ ਦਿੱਲੀ: ਭਾਰਤ ਅਤੇ ਵਿਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ 150 ਤੋਂ ਵੱਧ ਵਿਦਿਅਕ ਮਾਹਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਕਿ ਜੇ ਮੈਡੀਕਲ ਅਤੇ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆਵਾਂ NEET ਤੇ JEE ਵਿੱਚ ਦੇਰ ਹੋਈ ਤਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਵੇਗਾ।
ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਤੰਬਰ ਵਿਚ ਇਨ੍ਹਾਂ ਪ੍ਰੀਖਿਆਵਾਂ ਦੇ ਆਯੋਜਨ ਵਿਰੁੱਧ ਹੋ ਰਹੇ ਵਿਰੋਧ ਦਾ ਜ਼ਿਕਰ ਕਰਦਿਆਂ ਵਿਦਿਅਕ ਮਾਹਰਾਂ ਨੇ ਆਪਣੇ ਪੱਤਰ ਵਿਚ ਕਿਹਾ, "ਕੁਝ ਲੋਕ ਆਪਣੇ ਰਾਜਨੀਤਿਕ ਏਜੰਡੇ ਨੂੰ ਅੱਗੇ ਵਧਾਉਣ ਲਈ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੀ ਕੋਸ਼ਿਸ਼ ਕਰ ਰਿਹਾ ਹਨ। ਨੌਜਵਾਨ ਤੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਪਰ ਕੋਵਿਡ-19 ਮਹਾਂਮਾਰੀ ਦੇ ਕਾਰਨ ਉਨ੍ਹਾਂ ਦੇ ਭਵਿੱਖ 'ਤੇ ਅਨਿਸ਼ਚਿਤਤਾ ਦੇ ਬੱਦਲ ਛਾ ਗਏ ਹਨ। ਦਾਖਲੇ ਅਤੇ ਕਲਾਸਾਂ ਬਾਰੇ ਬਹੁਤ ਸਾਰੀਆਂ ਚਿੰਤਾਵਾਂ ਹਨ ਜਿਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਜ਼ਰੂਰਤ ਹੈ।"
ਪੱਤਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ JEE (ਮੇਨ) ਅਤੇ NEET ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਪ੍ਰੀਖਿਆ ਕਰਵਾਉਣ ਵਿਚ ਕਿਸੇ ਤਰ੍ਹਾਂ ਦੀ ਦੇਰੀ ਵਿਦਿਆਰਥੀਆਂ ਦੇ ਅਨਮੋਲ ਸਾਲ ਨੂੰ ਬਰਬਾਦ ਕਰ ਦੇਵੇਗੀ। ਸਾਡੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਸੁਪਨਿਆਂ ਅਤੇ ਭਵਿੱਖ ਨਾਲ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਪੱਤਰ ਵਿੱਚ ਅੱਗੇ ਲਿਖਿਆ ਹੈ, ""ਅਸੀਂ ਆਸ ਕਰਦੇ ਹਾਂ ਕਿ ਤੁਹਾਡੀ ਯੋਗ ਅਗਵਾਈ ਹੇਠ ਕੇਂਦਰ ਸਰਕਾਰ ਪੂਰੀ ਸਾਵਧਾਨੀ ਨਾਲ NEET ਤੇ JEE ਦੀਆਂ ਪ੍ਰੀਖਿਆਵਾਂ ਨੂੰ ਸਫਲਤਾਪੂਰਵਕ ਕਰਵਾਏਗੀ ਅਤੇ ਇਹ ਸੁਨਿਸ਼ਚਿਤ ਕਰਨ ਲਈ ਪੂਰੀ ਸਾਵਧਾਨੀ ਵਰਤੀ ਜਾਵੇਗੀ ਕਿ ਵਿਦਿਆਰਥੀਆਂ ਦੇ ਭਵਿੱਖ ਦਾ ਖਿਆਲ ਰੱਖਿਆ ਜਾਵੇ ਅਤੇ 2020-21 ਦਾ ਵਿਦਿਅਕ ਕੈਲੰਡਰ ਤਿਆਰ ਕੀਤਾ ਜਾਵੇ।"
ਇਗਨੋ ਦੇ ਪ੍ਰੋਫੈਸਰ ਸੀ.ਬੀ ਸ਼ਰਮਾ, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਪ੍ਰਕਾਸ਼ ਸਿੰਘ, ਬਿਹਾਰ ਦੇ ਮੋਤੀਹਾਰੀ ਵਿੱਚ ਐਮਜੀਸੀਯੂਬੀ ਦੇ ਵੀਸੀ ਪ੍ਰੋਫੈਸਰ ਸੰਜੀਵ ਸ਼ਰਮਾ, ਕੇਰਲ ਦੀ ਕੇਂਦਰੀ ਯੂਨੀਵਰਸਿਟੀ ਦੇ ਪ੍ਰੋ-ਵੀਸੀ ਪ੍ਰੋਫੈਸਰ ਜੈ ਪ੍ਰਸਾਦ ਆਦਿ ਉਨ੍ਹਾਂ ਕੁਝ ਵਿਦਵਾਨਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ।