ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਹੈ। ਪਾਕਿਸਤਾਨ ਪੋਸਟ ਨੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਕੰਪਲੈਕਸ ਵਿਖੇ ਇਕ ਡਾਕਘਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਜਦ ਕਿ ਇਕ ਹੋਰ ਡਾਕਘਰ ਨਨਕਾਣਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ। ਪਾਕਿਸਤਾਨ ਸਰਕਾਰ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਹੀ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਡਾਕ ਟਿਕਟ ਜਾਰੀ ਕੀਤੀ ਸੀ। ਇਸ ਟਿਕਟ ਉੱਤੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਤਸਵੀਰ ਨੂੰ ਦਰਸਾਇਆ ਗਿਆ। ਇਸ ਸਟੈਂਪ ਦੀ ਕੀਮਤ 8 ਰੁਪਏ ਰੱਖੀ ਗਈ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ 50 ਰੁਪਏ ਦਾ ਸਿੱਕਾ ਵੀ ਜਾਰੀ ਕੀਤਾ ਗਿਆ ਸੀ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੇ ਚਿੱਤਰ ਬਣਾਏ ਹੋਏ ਹਨ। ਇੱਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਹੈ।