ਨਵੀਂ ਦਿੱਲੀ: ਭਾਰਤ ਨੇ ਇੱਕ ਵਾਰ ਮੁੜ ਪਾਕਿਸਤਾਨ ਤੇ ਅੱਤਵਾਦ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਦਾ ਕਹਿਣਾ ਹੈ ਕਿ ਪਾਕਿਤਸਾਨ ਲਗਾਤਾਰ ਝੂਠ ਫ਼ੈਲਾਉਣ ਦਾ ਕੰਮ ਕਰ ਰਿਹਾ ਹੈ, ਜਦਕਿ ਉਸ ਨੂੰ ਭਾਰਤ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਗੱਲ ਮੰਨ ਕੇ ਅੱਤਵਾਦੀ ਸੰਗਠਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਝੂਠ ਬੋਲ ਰਿਹਾ ਹੈ ਕਿ ਉਸ ਨੇ ਇੱਕ ਨਹੀਂ ਬਲਕਿ ਦੋ ਲੜਾਕੂ ਜਹਾਜ਼ ਤਬਾਹ ਕੀਤੇ ਹਨ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸ ਕੋਲ ਇਸ ਦੀ ਵੀਡਿਓ ਰਿਕਾਰਡਿੰਗ ਵੀ ਹੈ। ਜੇਕਰ ਪਾਕਿਸਤਾਨ ਕੋਲ ਅਜਿਹੇ ਸਬੂਤ ਹਨ ਤਾਂ ਉਨ੍ਹਾਂ ਨੂੰ ਮੀਡੀਆ ਦੇ ਸਾਹਮਣੇ ਕਿਉਂ ਨਹੀਂ ਲੈ ਕੇ ਆਉਂਦਾ?
ਰਵੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਗੱਲ ਦਾ ਸਬੂਤ ਹੈ ਕਿ ਪਾਕਿਸਤਾਨ ਨੇ ਭਾਰਤ ਵਿਰੁੱਧ ਕਾਰਵਾਈ ਕਰਨ ਲਈ ਐੱਫ਼-16 ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ 'ਨਵਾਂ ਪਾਕਿਸਤਾਨ' ਹੋਣ ਦਾ ਦਾਅਵਾ ਕਰਦਾ ਹੈ ਤਾਂ ਉਸ ਨੂੰ ਅੱਤਵਾਦ ਵਿਰੁੱਧ ਨਵਾਂ ਕਦਮ ਚੁੱਕਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਰਵੀਸ਼ ਕੁਮਾਰ ਨੇ ਕਰਤਾਰਪੁਰ ਕਾਰੀਡੋਰ ਮੁੱਦੇ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਇਹ ਸਪਸ਼ਟ ਕਰਨਾ ਚਾਹਾਂਗੇ ਕਿ ਕਰਤਾਰਪੁਰ ਕਾਰੀਡੋਰ ਮੁੱਦੇ 'ਤੇ ਗੱਲਬਾਤ ਕਰਨ ਦਾ ਮਤਲਬ ਪਾਕਿਸਤਾਨ ਨਾਲ ਸਬੰਧਾਂ ਨੂੰ ਮੁੜ ਸ਼ੁਰੂ ਕਰਨਾ ਨਹੀਂ ਹੈ ਬਲਕਿ ਇਹ ਮੁੱਦਾ ਸਿੱਖ ਧਰਮ ਦੇ ਨਾਗਰਿਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।