ਨਵੀਂ ਦਿੱਲੀ: ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਅਤੇ ਸਾਬਕਾ ਨੇਵੀ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਦੂਸਰੀ ਵਾਰ ਕੌਨਸੁਲਰ ਐਕਸੈੱਸ ਦਿੱਤੇ ਜਾਣ ਤੋਂ ਪਾਕਿ ਨੇ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੁਲਭੂਸ਼ਣ ਜਾਧਵ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਪਾਕਿਸਤਾਨ ਵੱਲੋਂ ਕੁਲਭੂਸ਼ਣ ਜਾਧਵ ਨੂੰ ਦੂਸਰੀ ਵਾਰ ਕੌਨਸੁਲਰ ਐਕਸੈੱਸ ਦੀ ਮੰਗ ਨੂੰ ਖਾਰਿਜ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਦੱਸਿਆ ਕਿ ਕੁਲਭੂਸ਼ਣ ਜਾਧਵ ਨੂੰ ਦੂਜੀ ਵਾਰ ਕੌਨਸੁਲਰ ਐਕਸੈੱਸ ਨਹੀਂ ਮਿਲੇਗੀ। ਇਹ ਜਾਣਕਾਰੀ ਨਿਊਜ਼ ਏਜੰਸੀ ਏਐੱਨਆਈ ਵੱਲੋਂ ਟਵੀਟ ਰਾਹੀਂ ਸਾਂਝੀ ਕੀਤੀ ਗਈ।
ਦੱਸਣਯੋਗ ਹੈ ਕਿ ਬੀਤੀ 2 ਸਤੰਬਰ ਨੂੰ ਪਾਕਿ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਕੁਲਭੂਸ਼ਣ ਯਾਧਵ ਨਾਲ ਮੁਲਾਕਾਤ ਕੀਤੀ ਸੀ। ਖ਼ਬਰਾਂ ਅਨੁਸਾਰ ਇਹ ਬੈਠਕ ਤਕਰੀਬਨ ਦੋ ਘੰਟੇ ਚੱਲੀ ਸੀ ਜਿਸ ਤੋਂ ਬਾਅਦ ਭਾਰਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ ਕਿ ਪਾਕਿ ਵੱਲੋਂ ਕੁਲਭੁਸ਼ਣ ਜਾਧਵ 'ਤੇ ਦਬਾਅ ਬਣਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੁਲਭੂਸ਼ਣ ਜਾਧਵ ਦੇ ਮਾਮਲੇ ਨੂੰ ਲੈ ਕੇ ਭਾਰਤ ਨੇ ਅੰਤਰਰਾਸ਼ਟਰੀ ਅਦਾਲਤ ਤੋਂ ਉਸ ਦੀ ਸਜ਼ਾ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਭਾਰਤ ਦੀ ਅਪੀਲ 'ਤੇ ਸੁਣਵਾਈ ਕਰਦਿਆਂ ਆਈਸੀਜੇ ਨੇ 17 ਜੁਲਾਈ ਨੂੰ ਜਾਧਵ ਦੀ ਸਜ਼ਾ 'ਤੇ ਰੋਕ ਲਗਾਉਂਦੇ ਹੋਏ ਪਾਕਿਸਤਾਨ ਤੋਂ ਇਸ ਦੀ ਸਮੀਖਿਆ ਕਰਨ ਅਤੇ ਜਾਧਵ ਨੂੰ ਕੌਂਸਲਰ ਐਕਸੈੱਸ ਉਪਲੱਬਧ ਕਰਵਾਉਣ ਦੇ ਹੁਕਮ ਦਿੱਤੇ ਸਨ।