ਨਵੀਂ ਦਿੱਲੀ: ਫੇਸਬੁੱਕ ਦੇ ਮੁੱਦੇ 'ਤੇ ਸਿਆਸੀ ਘਮਾਸਾਨ ਜਾਰੀ ਹੈ। ਇਸ ਵਿਚਾਲੇ ਸੰਸਦ ਦੀ ਇੱਕ ਕਮੇਟੀ ਅੱਜ ਯਾਨੀ ਬੁੱਧਵਾਰ ਨੂੰ ਬੈਠਕ ਕਰੇਗੀ। ਬੈਠਕ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੀ ਕਥਿਤ ਦੁਰਵਰਤੋਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸੀਨੀਅਰ ਕਾਂਗਰਸ ਆਗੂ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਸੂਚਨਾ ਤਕਨਾਲੋਜੀ ਮਾਮਲਿਆਂ ਦੀ ਸਥਾਈ ਕਮੇਟੀ ਵੱਲੋਂ ਫੇਸਬੁੱਕ ਦੇ ਨੁਮਾਇੰਦਿਆਂ ਨੂੰ ਤਲਬ ਕੀਤਾ ਗਿਆ ਹੈ। ਇਹ ਕਮੇਟੀ ਨਾਗਰਿਕ ਅਧਿਕਾਰਾਂ ਦੀ ਰੱਖਿਆ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਕਥਿਤ ਦੁਰਵਰਤੋਂ ਦੇ ਵਿਸ਼ੇ 'ਤੇ ਆਪਣੇ ਵਿਚਾਰ ਸੁਣੇਗੀ।
ਸੰਸਦ ਦੀ ਕਮੇਟੀ ਨੇ ਇਸ ਮੁੱਦੇ ‘ਤੇ ਇਲੈਕਟ੍ਰਾਨਿਕ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਨੁਮਾਇੰਦਿਆਂ ਨੂੰ ਵੀ ਤਲਬ ਕੀਤਾ ਹੈ। ਪਹਿਲਾਂ ਕਮੇਟੀ ਦੀ ਬੈਠਕ ਮੰਗਲਵਾਰ ਨੂੰ ਹੋਣੀ ਸੀ ਪਰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦੇਹਾਂਤ ਕਾਰਨ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ।
ਕਾਂਗਰਸ ਨੇ ਕੁਝ ਅੰਤਰਰਾਸ਼ਟਰੀ ਮੀਡੀਆ ਸਮੂਹਾਂ ਦੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਫੇਸਬੁੱਕ ਅਤੇ ਭਾਜਪਾ ਵਿਚਾਲੇ ‘ਗੱਠਜੋੜ ’ਹੋਣ ਦਾ ਦੋਸ਼ ਲਾਇਆ। ਕਾਂਗਰਸ ਨੇ ਦਾਅਵਾ ਕੀਤਾ ਕਿ ਭਾਰਤ ਦੇ ਲੋਕਤੰਤਰ ਅਤੇ ਸਮਾਜਿਕ ਸਦਭਾਵਨਾ ‘ਤੇ ਹੋਏ ‘ਹਮਲੇ’ ਦਾ ਪਰਦਾਫਾਸ਼ ਹੋ ਗਿਆ ਹੈ। ਮੁੱਖ ਵਿਰੋਧੀ ਧਿਰ ਨੇ ਇਹ ਵੀ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਪਾਏ ਗਏ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।