ਮਹਾਰਾਸ਼ਟਰ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਚ 21 ਦਿਨਾਂ ਲਈ ਤਾਲਾਬੰਦੀ ਕੀਤੀ ਗਈ ਹੈ। ਇਸ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਥਾਵਾਂ ਉੱਤੇ ਫਸ ਗਏ ਹਨ ਅਤੇ ਆਪਣੇ ਘਰ ਜਾਣ ਦੀ ਉਡੀਕ ਕਰ ਰਹੇ ਹਨ।
ਅਜਿਹਾ ਹੀ ਕੁੱਝ ਮਹਾਰਾਸ਼ਟਰ ਵਿੱਚ ਵੀ ਵੇਖਣ ਨੂੰ ਮਿਲਿਆ, ਜਿੱਥੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਗਏ ਕਈ ਸ਼ਰਧਾਲੂ ਉੱਥੇ ਹੀ ਫਸ ਗਏ ਹਨ। ਹੁਣ ਸਾਰੇ ਸ਼ਰਧਾਲੂ ਪੰਜਾਬ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਨੂੰ ਉੱਥੋਂ ਘਰ ਭੇਜਣ ਦੇ ਇੰਤਜ਼ਾਮ ਕੀਤੇ ਜਾਣ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁਰੂ ਘਰ ਕਿਸੇ ਤਰ੍ਹਾਂ ਦੀ ਕੋਈ ਤੰਗੀ ਨਹੀਂ ਹੈ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਪਰ ਟ੍ਰੇਨਾਂ ਨਾ ਚੱਲਣ ਕਾਰਨ ਉਹ ਉੱਥੇ ਫਸ ਗਏ ਹਨ ਅਤੇ ਘਰ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਘਰ ਜਾਣ ਦਾ ਇੰਤਜ਼ਾਮ ਕੀਤਾ ਜਾਵੇ।
ਇਸ ਨੂੰ ਲੈ ਕੇ ਹਜ਼ੂਰ ਸਾਹਿਬ ਤੋਂ ਸੰਸਦ ਮੈਂਬਰ ਅਸ਼ੋਕ ਚੌਹਾਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹਰ ਰੋਜ਼ ਅਜਿਹੇ ਮਾਮਲੇ ਸਾਹਮਣੇ ਆ ਰਹੇ ਪਰ ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਜਿੱਥੇ ਹਨ ਉੱਥੇ ਹੀ ਰਹਿਣ। ਪ੍ਰਸ਼ਾਸਨ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗਾ।