ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਮੁੱਦੇ 'ਤੇ ਇਤਿਹਾਸਕ ਫ਼ੈਸਲੇ ਤੋਂ ਬਾਅਦ ਪਹਿਲੀ ਵਾਰ ਦੇਸ਼ ਦੀ ਜਨਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ 'ਚ ਇਤਿਹਾਸਕ ਫ਼ੈਸਲੇ ਨਾਲ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਇੱਕ ਰਾਸ਼ਟਰ ਦੇ ਤੌਰ 'ਤੇ ਇੱਕ ਪਰਿਵਾਰ ਦੇ ਤੌਰ 'ਤੇ ਤੁਸੀਂ, ਅਸੀਂ ਤੇ ਪੂਰੇ ਦੇਸ਼ ਨੇ ਇੱਕ ਇਤਿਹਾਸਕ ਫ਼ੈਸਲਾ ਲਿਆ ਹੈ। ਇੱਕ ਅਜਿਹੀ ਵਿਵਸਥਾ ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਾਡੇ ਭੈਣ-ਭਾਈ ਕਈ ਅਧਿਕਾਰਾਂ ਤੋਂ ਵਾਂਝੇ ਸਨ ਜੋ ਉਨ੍ਹਾਂ ਦੇ ਵਿਕਾਸ 'ਚ ਰੋੜਾ ਸਨ, ਉਹ ਹੁਣ ਦੂਰ ਹੋ ਗਏ ਹਨ।"
ਉਨ੍ਹਾਂ ਕਿਹਾ, "ਧਾਰਾ 370 ਅਤੇ 35 ਏ ਨੇ ਜੰਮੂ-ਕਸ਼ਮੀਰ ਨੂੰ ਵੱਖਵਾਦ, ਅੱਤਵਾਦ, ਪਰਿਵਾਰਵਾਦ ਅਤੇ ਵੱਡੇ ਪੱਧਰ 'ਤੇ ਫ਼ੈਲੇ ਭ੍ਰਿਸ਼ਟਾਚਾਰ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਇਨ੍ਹਾਂ ਦੋਹਾਂ ਧਾਰਾਵਾਂ ਦਾ ਦੇਸ਼ ਵਿਰੁੱਧ ਕੁੱਝ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਲਈ ਪਾਕਿਸਤਾਨ ਵੱਲੋਂ ਇੱਕ ਹਥਿਆਰ ਵਜੋਂ ਪ੍ਰਯੋਗ ਕੀਤਾ ਜਾ ਰਿਹਾ ਸੀ।"
ਪ੍ਰਧਾਨ ਮੰਤਰੀ ਨੇ ਕਿਹਾ, "ਸਾਡੇ ਦੇਸ਼ ਵਿੱਚ ਕੋਈ ਵੀ ਸਰਕਾਰ ਹੋਵੇ ਉਹ ਸੰਸਦ 'ਚ ਕਾਨੂੰਨ ਬਣਾ ਕੇ ਦੇਸ਼ ਦੀ ਭਲਾਈ ਲਈ ਕੰਮ ਕਰਦੀ ਹੈ। ਕਿਸੇ ਵੀ ਦਲ ਦਾ ਗੱਠਜੋੜ ਦੀ ਸਰਕਾਰ ਹੋਵੇ ਇਹ ਕੰਮ ਲਗਾਤਾਰ ਚਲਦਾ ਰਹਿੰਦਾ ਹੈ।"