ਨਵੀਂ ਦਿੱਲੀ: ਦੇਸ਼ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਰਾਤ ਨੂੰ 8 ਵਜੇ ਇੱਕ ਵਾਰ ਮੁੜ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸੰਬੋਧਨ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਤਾਲਾਬੰਦੀ ਨੂੰ ਲੈ ਕੇ ਐਲਾਨ ਕਰ ਸਕਦੇ ਹਨ।
ਸੋਮਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਵਿੱਚ ਮੋਦੀ ਨੇ ਮਹਾਂਮਾਰੀ ਅਤੇ ਦੇਸ਼ ਵਿਆਪੀ ਤਾਲਾਬੰਦੀ ਕਾਰਨ ਪੈਦਾ ਹੋਈ ਸਥਿਤੀ ਦੇ ਵੱਖ-ਵੱਖ ਪਹਿਲੂਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਸੀ। ਇਸ ਦੌਰਾਨ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਨੂੰ ਲੌਕਡਾਊਨ ਨੂੰ ਹੋਰ ਅਗੇ ਵਧਾਉਣ ਲਈ ਕਿਹਾ ਸੀ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ, 25 ਮਾਰਚ ਤੋਂ 54 ਦਿਨਾਂ ਦੀ ਦੇਸ਼ ਵਿਆਪੀ ਤਾਲਾਬੰਦੀ 17 ਮਈ ਨੂੰ ਖਤਮ ਹੋਣ ਵਾਲੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 70,000 ਦਾ ਅੰਕੜਾ ਪਾਰ ਕਰ ਗਏ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,300 ਹੋ ਗਈ ਹੈ।