ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਸੰਕਟ 'ਤੇ ਚਰਚਾ ਕਰਨਗੇ।
ਪ੍ਰਧਾਨ ਮੰਤਰੀ 16 ਅਤੇ 17 ਜੂਨ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ 2 ਹਿੱਸਿਆਂ ਵਿੱਚ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਦੱਸਣਯੋਗ ਹੈ ਕਿ ਕੋਰੋਨਾ ਸਥਿਤੀ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਵਿਚਾਰ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਦੀ ਇਹ ਛੇਵੀਂ ਬੈਠਕ ਹੋਵੇਗੀ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ 11 ਮਈ ਨੂੰ ਪ੍ਰਧਾਨ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਈ ਦੇ ਅਖੀਰਲੇ ਹਫ਼ਤੇ ਫ਼ੋਨ ਰਾਹੀਂ ਮੁੱਖ ਮੰਤਰੀਆਂ ਤੋਂ ਉਨ੍ਹਾਂ ਦੇ ਸੂਬਿਆਂ ਵਿੱਚ ਕੋਰੋਨਾ ਸਥਿਤੀ ਬਾਰੇ ਜਾਣਿਆ ਸੀ।
ਦੇਸ਼ ਵਿੱਚ 2 ਮਹੀਨੇ ਤੋਂ ਜ਼ਿਆਦਾ ਚੱਲੇ ਲੌਕਡਾਊਨ ਵਿੱਚ ਹੁਣ ਢਿੱਲੀ ਦਿੱਤੀ ਗਈ ਹੈ ਅਤੇ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ ਕੁੱਝ ਦਿਨਾਂ ਤੋਂ ਦੇਸ਼ ਵਿੱਚ ਰੋਜ਼ਾਨਾ ਇੱਕ ਹਜ਼ਾਰ ਦੇ ਕਰੀਬ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਭਾਰਤ ਵਿੱਚ ਕੋਰੋਨਾ ਦੇ ਮਾਮਲੇ 3 ਲੱਖ ਦਾ ਅੰਕੜਾ ਪਾਰ ਕਰ ਗਏ ਹਨ। ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਮ੍ਰਿਤਕਾਂ ਦਾ ਅੰਕੜਾ ਵੀ 8500 ਦੇ ਕਰੀਬ ਪਹੁੰਚ ਗਿਆ ਹੈ।