ਨਵੀਂ ਦਿੱਲੀ: ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ। 130 ਆਮ ਲੋਕ ਤੇ 56 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਹੁਣ ਤੱਕ ਇਨ੍ਹਾਂ ਘਟਨਾਵਾਂ ਸੰਬੰਧੀ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਦਿੱਤੀ ਹੈ।
ਪੁਲਿਸ ਕਾਰਵਾਈ ਕਰ ਰਹੀ ਹੈ: ਰੰਧਾਵਾ
ਵਧੀਕ ਕਮਿਸ਼ਨਰ ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਉੱਤਰ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਵਿੱਚ ਗੋਕੁਲਪੁਰੀ, ਮੌਜਪੁਰ, ਚਾਂਦਬਾਗ, ਕਰਾਵਲ ਨਗਰ, ਭਜਨਪੁਰਾ ਖੇਤਰ ਸ਼ਾਮਲ ਹਨ। ਹਿੰਸਾ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਇਲਾਵਾ 67 ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਵੀ ਜਗ੍ਹਾ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਫ਼ਿਲਹਾਲ ਸਥਿਤੀ ਕੰਟਰੋਲ ਵਿੱਚ ਹੈ। ਕੁਝ ਥਾਵਾਂ 'ਤੇ ਛਿਟਪੁਟ ਹਿੰਸਾ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਨ੍ਹਾਂ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ।
ਹਿੰਸਾ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ
ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਹੋਈ ਹਿੰਸਾ ਵਿੱਚ ਦਿੱਲੀ ਪੁਲਿਸ ਦੇ ਕਾਂਸਟੇਬਲ ਰਤਨ ਲਾਲ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਖੇਤਰ ਵਿੱਚ ਗੋਲੀਬਾਰੀ ਦੀਆਂ ਕਈ ਵਾਰਦਾਤਾਂ ਹੋ ਚੁਕੀਆਂ ਹਨ, ਜਿਸ ਵਿੱਚ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 130 ਆਮ ਲੋਕ ਜ਼ਖ਼ਮੀ ਹੋਏ ਹਨ, ਜਦੋਂਕਿ ਇਸ ਘਟਨਾ ਵਿੱਚ ਦਿੱਲੀ ਪੁਲਿਸ ਦੇ 56 ਸਿਪਾਹੀ ਤੇ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ।
ਨਿਗਰਾਨੀ ਦੇ ਖੇਤਰ 'ਚ ਪੁਲਿਸ
ਵਧੀਕ ਕਮਿਸ਼ਨਰ ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਦਿੱਲੀ ਪੁਲਿਸ ਪੂਰੇ ਉੱਤਰ ਪੂਰਬੀ ਜ਼ਿਲ੍ਹੇ ‘ਤੇ ਨਜ਼ਰ ਰੱਖ ਰਹੀ ਹੈ। ਇਥੇ ਧਾਰਾ 144 ਲਗਾਈ ਗਈ ਹੈ, ਤੇ ਹਿੰਸਾ ਕਰਨ ਵਾਲੇ ਲੋਕਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਥਾਵਾਂ 'ਤੇ ਛੱਤ ਤੋਂ ਪੱਥਰ ਸੁੱਟੇ ਗਏ ਹਨ, ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਡਰੋਨ ਦੀ ਮਦਦ ਲੈ ਰਹੀ ਹੈ।
ਡਰੋਨਾਂ ਰਾਹੀਂ ਵੇਖਿਆ ਜਾ ਰਿਹਾ ਹੈ ਕਿ ਕੀਤੇ ਛੱਤ 'ਤੇ ਪੱਥਰ ਤਾਂ ਨਹੀਂ ਰੱਖੇ ਹੋਏ ਹਨ। ਇਸ ਤੋਂ ਇਲਾਵਾ ਇਸ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਕਿ, ਕੀ ਹਿੰਸਾ ਦੀ ਕੋਈ ਤਿਆਰੀ ਕੀਤੀ ਜਾ ਰਹੀ ਹੈ ਜਾਂ ਨਹੀਂ। ਮਨਦੀਪ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਹੁਣ ਤੱਕ ਦਰਜ ਹੋਈਆਂ 11 ਐਫਆਈਆਰਜ਼ ਵਿੱਚ ਤਕਰੀਬਨ 25 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਕ ਪਾਸੇ ਜਿੱਥੇ ਉਨ੍ਹਾਂ ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਹਿੰਸਾ ਫੈਲਾ ਰਹੇ ਲੋਕਾਂ ਨੂੰ ਚਿਤਾਵਨੀ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲਿਆਂ ਖ਼ਿਲਾਫ਼ ਦਿੱਲੀ ਪੁਲਿਸ ਬਹੁਤ ਸਖ਼ਤ ਕਾਰਵਾਈ ਕਰੇਗੀ।