ਨਵੀਂ ਦਿੱਲੀ: ਮਾਲੇਗਾਂਵ ਬਲਾਸਟ ਮਾਮਲੇ ਵਿੱਚ ਦੋਸ਼ੀ ਅਤੇ ਭੋਪਾਲ ਤੋਂ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੂੰ ਰੱਖਿਆ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਇਸ 21 ਮੈਂਬਰੀ ਸੰਸਦੀ ਕਮੇਟੀ ਦੀ ਅਗਵਾਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰ ਰਹੇ ਹਨ। ਇਸ ਕਮੇਟੀ ਵਿੱਚ ਵਿਰੋਧੀ ਨੇਤਾ ਫਾਰੂਕ ਅਬਦੁੱਲਾ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਵੀ ਸ਼ਾਮਲ ਹਨ।
ਪ੍ਰੱਗਿਆ ਸਿੰਘ ਠਾਕੁਰ ਨੂੰ ਇਸ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਲੈ ਕੇ ਕਾਂਗਰਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਇਸ ਨੂੰ ਵਿਅੰਗਾਤਮਕ ਕਰਾਰ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਸਰਕਾਰ ਵੱਲੋਂ ਰੱਖਿਆ ਕਮੇਟੀ ਵਿੱਚ ਅਜਿਹੇ ਵਿਅਕਤੀ ਨੂੰ ਥਾਂ ਦਿੱਤੀ ਗਈ ਹੈ ਜੋ ਇੱਕ ਗੰਭੀਰ ਅਪਰਾਧ ਵਿੱਚ ਦੋਸ਼ੀ ਕਰਾਰ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸਾਹਮਣੇ ਲਿਆਉਣਾ ਜਿਨ੍ਹਾਂ ਵਿਰੁੱਧ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਹੈ, ਲੋਕਤੰਤਰ ਲਈ ਸਹੀ ਨਹੀਂ ਹੈ। ਸੰਵਿਧਾਨ ਹਰ ਚੀਜ਼ ਦਾ ਮਾਰਗ ਦਰਸ਼ਨ ਨਹੀਂ ਕਰ ਸਕਦਾ, ਇਸ ਲਈ ਕੁਝ ਫ਼ੈਸਲੇ ਨੈਤਿਕਤਾ ਦੇ ਆਧਾਰ 'ਤੇ ਵੀ ਲਏ ਜਾਂਦੇ ਹਨ।