ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਨੇ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ। ਕਿਸਾਨਾਂ ਦੇ ਦਿੱਲੀ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ। ਸਿੰਘੂ ਅਤੇ ਟਿਕਰੀ ਬਾਰਡਰਾਂ 'ਤੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਧਰਨਾ ਦੇ ਰਹੇ ਹਨ। ਇਸ ਦੌਰਾਨ ਅੱਜ ਇਨ੍ਹਾਂ ਕਿਸਾਨਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਆਪਣੀਆਂ ਮੰਗਾਂ 'ਤੇ ਅੜੇ ਕਿਸਾਨਾਂ ਦੇ ਧਰਨੇ ਵਿੱਚ ਗੁਰ ਪੁਰਬ ਨੂੰ ਲੈ ਕੇ ਬਹੁਤ ਹੀ ਉਤਸ਼ਾਹ ਹੈ। ਕਿਸਾਨਾਂ ਨੇ ਰਾਤ ਸਮੇਂ ਦੀਵੇ ਜਗਾਉਣ ਦਾ ਵੀ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਅਤੇ ਧਰਨੇ ਦੌਰਾਨ ਲੰਗਰ ਵੀ ਅਟੁੱਟ ਵੀ ਵਰਤਾਏ ਗਏ।
ਕਿਸਾਨਾਂ ਨੇ ਜੈਕਾਰਿਆਂ ਨਾਲ ਮੋਦੀ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਮੰਗ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਆਪਣੇ ਹੱਕਾਂ ਨੂੰ ਸਮਰਪਤ ਕਰਕੇ ਮਨਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ "ਕਿਰਤ ਕੋਰ, ਵੰਡ ਕੇ ਛੱਕੋ, ਨਾਮ ਜੱਪੋ" ਦਾ ਜੋ ਸੁਨੇਹਾ ਦਿੱਤਾ ਹੈ ਇਹ ਕਿਸਾਨ ਉਸ 'ਤੇ ਹੀ ਦਲੇਰੀ ਨਾਲ ਪਹਿਰਾ ਦੇ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਪੰਜ ਦਿਨਾਂ ਤੋਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਾ ਪਾ ਰੱਖਿਆ ਹੈ। ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਨੂੰ ਤੋੜ ਦਿੱਲੀ ਪਹੁੰਚੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੱਡੀ ਗਿਣਤੀ ਵਿੱਚ ਆਮ ਲੋਕਾਂ ਦਾ ਵੀ ਸਮਰਥਨ ਮਿਲ ਰਿਹਾ ਹੈ।