ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਅਸਮ, ਗੁਵਹਾਟੀ ਸਮੇਤ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਫਾਇਰਿੰਗ ਵਿੱਚ ਜ਼ਖ਼ਮੀ ਹੋਏ ਦੋ ਲੋਕਾਂ ਦੀ ਵੀਰਵਾਰ ਨੂੰ ਮੌਤ ਹੋ ਗਈ।
ਅਸਮ ਵਿੱਚ ਸਕੂਲ ਅਤੇ ਕਾਲਜ 22 ਦਸੰਬਰ ਤੱਕ ਬੰਦ ਕਰ ਦਿੱਤੇ ਗਏ ਹਨ। ਰਾਜ ਵਿੱਚ ਪੁਲਿਸ ਗੋਲੀਬਾਰੀ 'ਚ ਹੁਣ ਤਕ 2 ਵਿਅਕਤੀ ਮਾਰੇ ਗਏ ਹਨ ਅਤੇ 9 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਪ੍ਰਸ਼ਾਸਨ ਨੇ ਸ਼ੁਕਰਵਾਰ ਨੂੰ ਡਿਬਰੂਗੜ ਵਿੱਚ ਸਵੇਰੇ 8 ਵਜੇ ਤੋਂ ਦੋਪਹਿਰ 1 ਵਜੇ ਤੱਕ ਕਰਫਿਊ ਵਿੱਚ ਢਿੱਲ ਦਿੱਤੀ ਹੈ। ਉੱਥੇ ਹੀ ਮੇਘਾਲਿਆ ਵਿੱਚ ਪ੍ਰਦਰਸ਼ਨ ਜਾਰੀ ਹੈ।
ਮੇਘਾਲਿਆ ਵਿੱਚ ਵਿਰੋਧ ਪ੍ਰਦਰਸ਼ਨ ਦੇ ਕਾਰਨ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਵੀਰਵਾਰ ਨੂੰ ਰਾਜ ਭਰ ਵਿੱਚ ਮੋਬਾਈਲ ਇੰਟਰਨੈਟ ਅਤੇ ਮੈਸੇਜਿੰਗ ਸੇਵਾਵਾਂ ਬੰਦ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸੇਵਾਵਾਂ ਵੀਰਵਾਰ ਸ਼ਾਮ 5 ਵਜੇ ਤੋਂ ਵਾਪਸ ਲੈ ਲਈਆਂ ਗਈਆਂ ਸਨ। ਅਸਮ ਵਿੱਚ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਅਖਿਲ ਗੋਗੋਈ ਨੂੰ ਜੋਰਹਾਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਅਸਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਰਾਜ ਦੇ ਲੋਕਾਂ ਨੂੰ ਇੱਕ ਵੀਡੀਓ ਰਾਹੀਂ ਅਪੀਲ ਕਰਦੇ ਕਿਹਾ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਬਿੱਲ ਬਾਰੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਰਾਜਨੀਤਿਕ, ਭਾਸ਼ਾਈ, ਸਭਿਆਚਾਰਕ ਅਤੇ ਜ਼ਮੀਨ ਅਸਾਮ ਸਮਝੌਤੇ ਦੀ ਧਾਰਾ 6 ਅਨੁਸਾਰ ਹੈ। ਸੋਨੋਵਾਲ ਨੇ ਕਿਹਾ ਕਿ ਕੁਝ ਲੋਕ ਸਥਿਤੀ ਨੂੰ ਵਿਗਾੜਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲ਼ਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਸਟਿਸ (ਸੇਵਾਮੁਕਤ) ਬਿਪਲਬ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਨੂੰ ਅਸਾਮ ਦੇ ਲੋਕਾਂ ਦੇ ਸੰਵਿਧਾਨਕ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਸਿਫ਼ਾਰਸ਼ਾਂ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ਵਿਚ ਇਹ ਬਿੱਲ ਪਾਸ ਕਰ ਦਿੱਤਾ ਗਿਆ ਹੈ, ਅਤੇ ਇਸ ਬਿੱਲ ਨੂੰ ਰਾਸ਼ਟਰਪਤੀ ਦੀ ਵੀ ਮੰਨਜ਼ੂਰੀ ਮਿਲ ਗਈ ਹੈ।