ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਅੱਜ ਰਾਜ ਸਭਾ ਵਿੱਚ ਇਸ ਬਿੱਲ 'ਤੇ ਚਰਚਾ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਅਸਮ ਵਿੱਚ ਪ੍ਰਦਰਸ਼ਕਾਰੀਆਂ ਦਾ ਰੋਸ ਹੋਰ ਵੱਧ ਗਿਆ ਹੈ। ਪੁਲਿਸ ਵੱਲੋਂ ਪ੍ਰਦਰਸ਼ਕਾਰੀਆਂ ਨੂੰ ਹਟਾਉਣ ਦੇ ਲਈ ਲਾਠੀਚਾਰਜ ਕੀਤਾ ਜਾ ਰਿਹਾ ਹੈ।
ਗੁਹਾਟੀ ਦੇ ਕਈ ਪ੍ਰਮੁੱਖ ਕਾਲਜਾਂ ਦੇ ਵਿਦਿਆਰਥੀ ਇਸ ਬਿੱਲ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਹਜ਼ਾਰਾਂ ਦੀ ਤਦਾਦ ਵਿੱਚ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪੁਲਿਸ ਨੇ ਡਿਬਰੂਗੜ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਹੈ। ਰਾਜ ਵਿੱਚ ਹਜ਼ਾਰਾਂ ਦੀ ਤਦਾਦ 'ਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।
ਤ੍ਰਿਪੁਰਾ ਵਿੱਚ ਵੀ ਲੋਕਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਇੰਟਰਨੇਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਉੱਥੇ ਹੀ ਕਈ ਥਾਵਾਂ 'ਤੇ ਧਾਰਾ 144 ਵੀ ਲਾਗੂ ਕੀਤੀ ਗਈ ਹੈ। ਮਿਜ਼ੋਰਮ ’ਚ 10 ਘੰਟਿਆਂ ਦੇ ਬੰਦ ਕਾਰਨ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਰਕਾਰੀ ਦਫ਼ਤਰ, ਬੈਂਕ, ਵਿਦਿਅਕ ਅਦਾਰੇ, ਦੁਕਾਨਾਂ ਤੇ ਬਾਜ਼ਾਰ ਬੰਦ ਰਹੇ।
ਦੱਸਦਈਏ ਕਿ ਸੋਮਵਾਰ ਨੂੰ ਲੋਕ ਸਭਾ 'ਚ ਦੇਰ ਰਾਤ ਚੱਲੀ ਚਰਚਾ ਤੋਂ ਬਾਅਦ ਨਾਗਰਿਕਤਾ ਸੋਧ ਬਿਲ ਪਾਸ ਕਰ ਦਿੱਤਾ ਗਿਆ ਸੀ। ਬਿੱਲ ਦੇ ਹੱਕ ਵਿੱਚ 311 ਅਤੇ ਇਸ ਦੇ ਵਿਰੋਧ ਵਿੱਚ 80 ਵੋਟਾਂ ਪਈਆਂ ਸਨ। ਇਸ ਬਿੱਲ ਵਿੱਚ ਅਫ਼ਗ਼ਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ 'ਚ ਧਾਰਮਿਕ ਅਤਿਆਚਾਰ ਦੇ ਕਰਕੇ 31 ਦਸੰਬਰ 2014 ਤੱਕ ਭਾਰਤ ਵਿੱਚ ਆਏ ਹਿੰਦੂ, ਸਿੱਖ, ਬੁੱਧ, ਜੈਨ, ਪਾਰਸੀ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦੇ ਯੋਗ ਬਣਾਉਣ ਦਾ ਪ੍ਰਬੰਧ ਹੈ।