ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੇਸ਼ ਦੇ ਉੱਤਰ ਪੂਰਬ ਦੇ ਕਈ ਖ਼ੇਤਰਾਂ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਉੱਤਰ ਪੂਰਬ ਵਿੱਚ ਲੋਕ ਇਸ ਬਿੱਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਸਕਦੇ ਹਨ।
ਅਸਮ ਵਿੱਚ ਆਲ ਸਟੂਡੈਂਟਸ ਯੂਨੀਅਨ, ਨਾਰਥ ਈਸਟ ਸਟੂਡੈਂਟਸ ਆਰਗੇਨਾਈਜੇਸ਼ਨ, ਏਆਈਐਸਐਫ ਅਤੇ ਕਈ ਸੰਗਠਨਾਂ ਨੇ ਮੰਗਲਵਾਰ ਨੂੰ 11 ਘੰਟਿਆਂ ਲਈ ਬੰਦ ਕੀਤਾ ਸੀ, ਇਸ ਦੌਰਾਨ ਕਈ ਥਾਂ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ। ਉੱਥੇ ਹੀ ਉੱਤਰ-ਪੂਰਬ ਦੇ ਕਈ ਇਲਾਕਿਆਂ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਇਆ ਹਨ।
ਤ੍ਰਿਪੁਰਾ ਵਿੱਚ ਲੋਕਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਇੰਟਰਨੇਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਉੱਥੇ ਹੀ ਕਈ ਥਾਵਾਂ 'ਤੇ ਧਾਰਾ 144 ਵੀ ਲਾਗੂ ਕੀਤੀ ਗਈ ਹੈ। ਮਿਜ਼ੋਰਮ ’ਚ 10 ਘੰਟਿਆਂ ਦੇ ਬੰਦ ਕਾਰਨ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਰਕਾਰੀ ਦਫ਼ਤਰ, ਬੈਂਕ, ਵਿਦਿਅਕ ਅਦਾਰੇ, ਦੁਕਾਨਾਂ ਤੇ ਬਾਜ਼ਾਰ ਬੰਦ ਰਹੇ।
ਨਾਗਰਿਕਤਾ ਸੋਧ ਬਿਲ ਵਿਰੁੱਧ ਕਾਂਗਰਸ ਨੇ ਬੁੱਧਵਾਰ ਨੂੰ ਦੇਸ਼-ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੂੰ ਨਸ਼ਟ ਕਰਨ ਨਾਲ ਹਰੇਕ ਧਰਮ, ਜਾਤ ਤੇ ਸਭਿਆਚਾਰ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਜਾਵੇਗਾ। ਸਾਡਾ ਫ਼ਰਜ਼ ਹੈ ਕਿ ਅਸੀਂ ਦੇਸ਼ ਦੇ ਸੰਵਿਧਾਨ ਨੂੰ ਨਸ਼ਟ ਕਰਨ ਵਾਲੇ ਰਾਸ਼ਟਰੀ ਸਵੈਮਸੇਵਕ ਸੰਘ ਦਾ ਵਿਧਾਨ ਲਾਗੂ ਨਾ ਕਰਨ ਦੇਈਏ।