ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ। ਉਨ੍ਹਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ 'ਚ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਅਤੇ ਕੈਪਟਨ ਵਿਚਾਲੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਗੱਲਬਾਤ ਹੋਈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਉਹ ਪ੍ਰਕਾਸ਼ ਪੂਰਬ ਮੌਕੇ ਜ਼ਰੂਰ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਅਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨਾਲ ਮੁਲਾਕਾਤ ਕੀਤੀ। ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਦੌਰਾਨ ਐੱਸਵਾਈਐੱਲ ਅਤੇ ਲੁਧਿਆਣਾ ਦੇ ਬੁੱਢਾ ਨਾਲ਼ਾ ਨੂੰ ਲੈ ਕੇ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਪੰਜਾਬ 'ਚ ਘੱਟਦੇ ਜਾ ਰਹੇ ਪਾਣੀ ਦੇ ਪੱਧਰ ਅਤੇ ਗੰਦੇ ਪਾਣੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਰਾਹੁਲ ਗਾਂਧੀ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਹੋ ਸਕਦੀ ਹੈ।