ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਅਤੇ ਕਿਸਾਨੀ ਅੰਦੋਲਨ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਨਾਲ ਕਿਸਾਨੀ ਅੰਦੋਲਨ ਅਤੇ ਧਰਨਾ ਪ੍ਰਦਰਸ਼ਨ ਬਾਰੇ ਵਿਚਾਰ ਵਟਾਂਦਰਾ ਕਰ ਇਸ ਦਾ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਜਲਦਬਾਜੀ ਨਾ ਕਰ ਹੋਸ਼ ਨਾਲ ਕੰਮ ਲੈਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਪੰਜਾਬ ਦੀ ਆਰਥਿਕਤਾ ਅਤੇ ਦੇਸ਼ ਦੀ ਸੁਰੱਖਿਆ ਦੇ ਨਾਲ ਵੀ ਜੁੜਿਆ ਹੈ।
ਇਹ ਮੁਲਾਕਾਤ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਣ ਵਾਲੀ ਬੈਠਕ ਤੋਂ ਪਹਿਲਾਂ ਹੋਈ।
ਦੱਸਣਯੋਗ ਹੈ ਕਿ ਕਿਸਾਨ ਅਤੇ ਕੇਂਦਰ ਸਰਕਾਰ ਵਿੱਚ ਹੁਣ ਤੱਕ 2 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਤੀਜੀ ਮੀਟਿੰਗ ਅੱਜ ਹੋਈ ਹੈ। ਪਹਿਲੀ ਮੀਟਿੰਗ 13 ਨਵੰਬਰ ਨੂੰ ਅਤੇ ਦੂਜੀ ਮੀਟਿੰਗ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿੱਚ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਈ ਸੀ । ਕਈ ਘੰਟਿਆਂ ਤੱਕ ਇਨ੍ਹਾਂ ਦੋਵਾਂ ਮੀਟਿੰਗਾਂ ਤੋਂ ਬਾਅਦ ਵੀ ਕਿਸਾਨ ਅਤੇ ਕੇਂਦਰ ਸਰਕਾਰ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ ਅਤੇ ਕਿਸਾਨਾਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਹਰਿਆਣਾ ਅਤੇ ਦਿੱਲੀ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ ਤੋਂ ਦੂਰ ਜਾਣ ਅਤੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਆਪਣਾ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਸੀ। ਕਿਸਾਨ ਅਜੇ ਵੀ ਟਿਕਰੀ ਬਾਰਡਰ, ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।