ਲਖਨਊ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 104 ਮੌਤਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਤੁਰੰਤ ਨਜਾਇਜ਼ ਸ਼ਰਾਬ ਦੇ ਕਾਰੋਬਾਰ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਜ਼ਾਹਰ ਕਰਦਿਆਂ ਮਾਇਆਵਤੀ ਨੇ ਟਵੀਟ ਕੀਤਾ, "ਪੰਜਾਬ ਵਿੱਚ ਹੁਣ ਤੱਕ ਨਾਜਾਇਜ਼ ਸ਼ਰਾਬ ਪੀਣ ਤੋਂ ਬਾਅਦ ਤਕਰੀਬਨ 104 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਬਹੁਤ ਦੁੱਖ ਦੀ ਗੱਲ ਹੈ ਅਤੇ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦੀ ਹਾਂ। ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਸੂਬੇ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕਾਲੇ ਧੰਦੇ 'ਤੇ ਰੋਕ ਲਗਾਈ ਜਾਵੇ, ਨਹੀਂ ਤਾਂ ਹੋਰ ਜਾਨਾਂ ਵੀ ਜਾ ਸਕਦੀਆਂ ਹਨ, ਇਹ ਬਸਪਾ ਦੀ ਸਲਾਹ ਹੈ।"
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸਨਿੱਚਰਵਾਰ ਨੂੰ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੱਤ ਆਬਕਾਰੀ ਅਧਿਕਾਰੀਆਂ ਅਤੇ ਛੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ।
ਆਮ ਆਦਮੀ ਪਾਰਟੀ ਨੇ ਲੋਕਾਂ ਦੀਆਂ ਦੁਖਦਾਈ ਮੌਤਾਂ ਬਾਰੇ ਪੰਜਾਬ ਸਰਕਾਰ ਖ਼ਿਲਾਫ਼ ਕਈ ਥਾਵਾਂ ਉੱਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਇਸ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆਂ ਦਾਅਵਾ ਕੀਤਾ ਕਿ ਪੁਲਿਸ ਦੀ ਨਾਜਾਇਜ਼ ਸ਼ਰਾਬ ਮਾਫੀਆ ਨਾਲ ਮਿਲੀਭੁਗਤ ਹੈ।
ਪੰਜਾਬ ਪੁਲਿਸ ਨੇ 100 ਤੋਂ ਵੱਧ ਛਾਪੇਮਾਰੀਆਂ ਕਰਦਿਆਂ 17 ਹੋਰ ਲੋਕਾਂ ਵੱਡੇ ਪੱਧਰ ਉੱਤੇ ਕਾਰਵਾਈ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਕੇਸ ਵਿੱਚ ਗ੍ਰਿਫ਼ਤਾਰੀਆਂ ਦੀ ਕੁਲ ਗਿਣਤੀ 25 ਹੋ ਗਈ ਹੈ। ਮਰਨ ਵਾਲਿਆਂ ਵਿਚੋਂ ਬਹੁਤੇ ਤਰਨਤਾਰਨ ਦੇ ਹਨ, ਜਿੱਥੇ 63 ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਹਨ।