ਨਵੀਂ ਦਿੱਲੀ: ਸਫ਼ਰ-ਏ-ਅਕਾਲੀ ਲਹਿਰ ਵਿੱਚ ਸ਼ਾਮਿਲ ਹੋਏ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਪਣਾ ਪੱਖ ਰੱਖਿਆ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਮਾਣਮੱਤੇ ਇਤਿਹਾਸ ਨੂੰ ਬਚਾਉਣ ਅਤੇ ਮੁੜ ਸੁਰਜੀਤ ਕਰਨ ਦੇ ਉਪਰਾਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵਿੱਚੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੁਣ ਅਗਲੀ ਭਵਿੱਖ ਦੀ ਰਣਨੀਤੀ ਤੇ ਪੁੱਛੇ ਜਾਣ 'ਤੇ ਢੀਂਡਸਾ ਨੇ ਕਿਹਾ ਕਿ ਅਗਲੀ ਰਣਨੀਤੀ ਸਭ ਦੇ ਨਾਲ ਮਿਲ ਕੇ ਬੈਠ ਕੇ ਵਿਚਾਰ ਕਰਕੇ ਹੀ ਤੈਅ ਕੀਤੀ ਜਾਵੇਗੀ। ਇਸ ਵੇਲੇ ਅਕਾਲੀ ਦਲ ਦੇ ਕਈ ਨੇਤਾ ਉਨ੍ਹਾਂ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਛੱਡ ਕੇ ਉਨ੍ਹਾਂ ਨਾਲ ਸ਼ਾਮਿਲ ਹੋਣਗੇ।
ਹਾਲਾਂਕਿ ਪਰਮਿੰਦਰ ਢੀਂਡਸਾ ਨੇ ਕਿਸੇ ਦਾ ਨਾਂਅ ਲੈਣ ਤੋਂ ਗੁਰੇਜ਼ ਕੀਤਾ ਪਰ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਬਾਦਲ ਦੀਆਂ ਮੁਸੀਬਤਾਂ ਵੱਧ ਸਕਦੀਆਂ ਹਨ। ਪਹਿਲਾਂ ਹੀ ਕਈ ਸਾਰੇ ਆਗੂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋ ਗਏ ਹਨ ਤੇ ਬਹੁਤ ਸਾਰੇ ਆਗੂਆਂ ਨੂੰ ਪਾਰਟੀ ਨੇ ਆਪ ਕੱਢ ਦਿੱਤਾ ਹੈ।
ਢੀਂਡਸਾ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾਵੇਗਾ। 1984 ਦੇ ਸਿੱਖ ਨਸਲਕੁਸ਼ੀ ਵਿੱਚ ਜਾਂਚ ਜਾਰੀ ਹੈ, ਤੇ ਕਈ ਕੇਸਾਂ ਵਿੱਚ ਇਨਸਾਫ਼ ਮਿਲਿਆ ਵੀ ਹੈ। ਢੀਂਡਸਾ ਨੇ ਕਿਹਾ ਕਿ ਵਾਰ-ਵਾਰ ਜਦੋਂ ਇੱਕੋ ਵਿਅਕਤੀ ਪ੍ਰਧਾਨ ਬਣਦਾ ਹੈ, ਤਾਂ ਤਾਕਤ ਦਾ ਦੁਰਉਪਯੋਗ ਹੁੰਦਾ ਹੈ, ਇਸ ਲਈ ਪ੍ਰਧਾਨ ਬਦਲੇ ਜਾਣਾ ਜ਼ਰੂਰੀ ਹੈ।
ਮਨਪ੍ਰੀਤ ਸਿੰਘ ਬਾਦਲ ਜੋ ਖੁਦ ਬਾਦਲ ਪਰਿਵਾਰ ਨੂੰ ਛੱਡ ਕੇ ਆਪਣੀ ਪਾਰਟੀ ਬਣਾ ਚੁੱਕੇ ਹਨ ਅਤੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨਾਲ ਕਈ ਆਗੂ ਮੌਜੂਦ ਹਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ। ਅਕਾਲੀ ਦਲ ਅਤੇ ਕਾਂਗਰਸ ਦੀ ਸੋਚ ਨਹੀਂ ਮਿਲਦੀ।
ਨਾਗਰਿਕਤਾ ਸੋਧ ਕਾਨੂੰਨ ਤੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਕਜੁੱਟ ਹੋਣ ਤੇ ਢੀਂਡਸਾ ਨੇ ਕਿਹਾ ਕਿ ਸੰਸਦ ਵਿੱਚ ਅਕਾਲੀ ਦਲ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ। ਅੰਦਰ ਸਹਿਮਤੀ ਦਾ ਵੋਟ ਪਾ ਕੇ ਅਤੇ ਬਾਹਰ ਵਿਰੋਧ ਕਰ ਕੇ ਕੋਈ ਫਾਇਦਾ ਨਹੀਂ।