ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਨੇ ਕੋਰੋਨਾ ਸੰਕਟ ਅਤੇ ਤਾਲਾਬੰਦੀ ਕਾਰਨ ਆਮ ਲੋਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਉਨ੍ਹਾਂ ਤਾਲਾਬੰਦੀ ਖੋਲ੍ਹਣ ਦੀ ਵੀ ਵਕਾਲਤ ਕੀਤੀ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਤਾਲਾਬੰਦੀ ਖੋਲ੍ਹਣ ਦੀ ਜ਼ਰੂਰਤ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਜੇ ਤੁਸੀਂ ਕਾਰੋਬਾਰੀ ਲੋਕਾਂ ਨੂੰ ਪੁੱਛੋਗੇ ਤਾਂ ਉਹ ਤੁਰੰਤ ਸਪਲਾਈ ਚੇਨ ਬਾਰੇ ਸ਼ਿਕਾਇਤ ਕਰਨਗੇ। ਰਾਹੁਲ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰ, ਗ਼ਰੀਬ ਅਤੇ ਛੋਟੇ ਕਾਰੋਬਾਰੀਆਂ ਨੂੰ ਅੱਜ ਪੈਸਿਆਂ ਦੀ ਜ਼ਰੂਰਤ ਹੈ। ਜੇ ਇਹ ਨਹੀਂ ਕੀਤਾ ਜਾਂਦਾ ਤਾਂ ਲੋਕਾਂ ਦੀ ਨੌਕਰੀ ਜਾਣ ਨਾਲ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਰਾਹੁਲ ਗਾਂਧੀ ਨੇ ਕਿਹਾ ਕਿ ਜੋ ਇਸ ਤਾਲਾਬੰਦੀ ਕਾਰਨ ਸੰਘਰਸ਼ ਕਰ ਰਹੇ ਹਨ ਅਸੀਂ ਉਨ੍ਹਾਂ ਦੀ ਮਦਦ ਕੀਤੇ ਬਿਨ੍ਹਾਂ ਤਾਲਾਬੰਦੀ ਜਾਰੀ ਨਹੀਂ ਰੱਖ ਸਕਦੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਉਹ ਸੂਬਾ ਸਰਕਾਰਾਂ, ਜ਼ਿਲ੍ਹਾ ਮੈਜਿਸਟਰੇਟ ਨੂੰ ਆਪਣਾ ਸਾਥੀ ਸਮਝੇ ਅਤੇ ਫੈਸਲਾ ਲੈਣ ਦਾ ਕੇਂਦਰੀਕਰਨ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਕੋਲ ਭਾਰਤੀ ਏਅਰਫੋਰਸ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
ਪ੍ਰਵਾਸੀ ਮਜ਼ਦੂਰਾਂ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਇਨਸਾਫ ਯੋਜਨਾ ਦੀ ਸਹਾਇਤਾ ਨਾਲ ਲੋਕਾਂ ਦੇ ਹੱਥਾਂ ਵਿੱਚ ਪੈਸਾ ਦੇਣਾ ਸ਼ੁਰੂ ਕਰੋ, ਇਸ ‘ਤੇ 65 ਹਜ਼ਾਰ ਕਰੋੜ ਰੁਪਏ ਖ਼ਰਚ ਹੋਵੇਗਾ।
ਕਾਂਗਰਸੀ ਆਗੂ ਰਾਹੁਲ ਨੇ ਕਿਹਾ ਕਿ ਸਰਕਾਰ ਸੋਚ ਰਹੀ ਹੈ ਕਿ ਜੇ ਤੁਸੀਂ ਤੇਜ਼ੀ ਨਾਲ ਪੈਸਾ ਖਰਚਣਾ ਸ਼ੁਰੂ ਕਰੋਗੇ ਤਾਂ ਰੁਪਏ ਦੀ ਸਥਿਤੀ ਹੋਰ ਵਿਗੜ ਜਾਵੇਗੀ ਪਰ ਸਰਕਾਰ ਨੂੰ ਇਸ ਸਮੇਂ ਜੋਖ਼਼ਮ ਲੈਣਾ ਪਵੇਗਾ ਕਿਉਂਕਿ ਜ਼ਮੀਨੀ ਪੱਧਰ 'ਤੇ ਪੈਸੇ ਪਹੁੰਚਾਉਣਾ ਜ਼ਰੂਰੀ ਹੈ। ਉੁਨ੍ਹਾਂ ਕਿਹਾ ਕਿ ਜਿੰਨ੍ਹਾਂ ਸਰਕਾਰ ਸੋਚ ਰਹੀ ਹੈ, ਉਨ੍ਹਾਂ ਸਾਡਾ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ।
ਰਾਹੁਲ ਨੇ ਕਿਹਾ ਕਿ ਉਹ ਸਮਾਂ ਆ ਗਿਆ ਹੈ ਜਦੋਂ ਛੋਟੇ ਕਾਰੋਬਾਰੀਆਂ ਲਈ ਰਾਹਤ ਪੈਕੇਜ ਅਤੇ ਤਾਲਾਬੰਦੀ ਖੋਲ੍ਹਣ ਦੀ ਤਿਆਰੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਸ ਪੜਾਅ ਤੋਂ ਅੱਗੇ ਨਿਕਲਣਾ ਪਵੇਗਾ।