ਨਵੀਂ ਦਿੱਲੀ: ਪਾਕਿਸਤਾਨ ਦੇ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਘਟਨਾ ਤੋਂ ਬਾਅਦ ਸਿੱਖ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਵੀਰਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ ਹੈ।
ਰਵੀਸ਼ ਕੁਮਾਰ ਨੇ ਕਿਹਾ ਕਿ ਅਜਿਹਾ ਦੇਸ਼ ਜੋ ਆਪਣੀ ਘੱਟ ਗਿਣਤੀਆਂ ਵਾਲੇ ਲੋਕਾਂ ਦੀ ਦੇਖਭਾਲ ਨਹੀਂ ਕਰ ਸਕਦਾ, ਉਸ ਨੂੰ ਦੂਜੇ ਦੇਸ਼ਾਂ ਨੂੰ ਇਹ ਨਹੀਂ ਦੱਸਣਾ ਚਾਹੀਦਾ ਕਿ ਇਹ ਕਿਵੇਂ ਕਰਨਾ ਹੈ। ਦੱਸਦਈਏ ਕਿ ਪਿਛਲੇ ਦਿਨੀਂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ 'ਤੇ ਕੁਝ ਲੋਕਾਂ ਵੱਲੋਂ ਪੱਥਰਬਾਜ਼ੀ ਕੀਤੀ ਗਈ ਸੀ, ਜਿਸ ਤੋਂ ਕੁਝ ਦਿਨ ਬਾਅਦ ਇੱਕ ਸਿੱਖ ਨੌਜਵਾਨ ਦੀ ਪਾਕਿਸਤਾਨ ਵਿੱਚ ਹੱਤਿਆ ਕਰ ਦਿੱਤੀ ਗਈ ਸੀ।
ਉੱਥੇ ਹੀ ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਵੀ ਪਾਕਿਸਤਾਨ ਦੇ ਕਈ ਮੰਤਰੀਆਂ ਵੱਲੋਂ ਭਾਰਤ ਵਿੱਚ ਰਹਿੰਦੇ ਮੁਸਲਮਾਨਾਂ ਦੀ ਸੁਰੱਖਿਆਂ 'ਤੇ ਸਵਾਲ ਚੁੱਕੇ ਹਏ ਸਨ, ਇਹ ਹੀ ਨਹੀਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਫੇਕ ਵੀਡੀਓ ਵੀ ਸਾਂਝੀ ਕੀਤੀ ਸੀ, ਜਿਸ ਦੀ ਸਚਾਈ ਸਾਹਮਣੇ ਆਉਣ ਤੋਂ ਬਾਅਦ ਇਮਰਾਨ ਖਾਨ ਨੇ ਉਸ ਵੀਡੀਓ ਨੂੰ ਡੀਲੀਟ ਕਰ ਦਿੱਤਾ ਸੀ।
ਇਸ ਦੇ ਨਾਲ ਹੀ ਰਵੀਸ਼ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਆਏ 15 ਵਿਦੇਸ਼ੀ ਰਾਜਦੂਤਾਂ ਦੀ ਯਾਤਰਾ ਦੀ ਭਾਰਤ ਸਰਕਾਰ ਵੱਲੋਂ ਸਹੂਲਤ ਦਿੱਤੀ ਜਾ ਰਹੀ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਮੁਲਾਕਾਤ ਉੱਥੇ ਦੇ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਸੀ ਤਾਂ ਕਿ ਉਹ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਹਾਲਤਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਦੌਰੇ ਦਾ ਉਦੇਸ਼ ਡਿਪਲੋਮੈਟਸ ਨੂੰ ਦਰਸਾਉਣਾ ਹੈ ਕਿ ਸਰਕਾਰ ਨੇ ਜੰਮੂ-ਕਸ਼ਮੀਰ ਦੇ ਹਾਲਾਤ ਨੂੰ ਆਮ ਬਣਾਉਣ ਲਈ ਕੀ ਯਤਨ ਕੀਤੇ ਹਨ।