ਨਵੀਂ ਦਿੱਲੀ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਕਾਰਨ ਪੰਜਾਬ ਦੀ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ 'ਤੇ ਹਮਲਾਵਰ ਹਨ। ਇਸੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਫਦ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕੀਤੀ।
ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਦੀ ਕੇਂਦਰੀ ਫ਼ੰਡਾਂ ਦੇ ਘੁਟਾਲੇ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਵਫ਼ਦ ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਕੈਬਿਨੇਟ ਮੰਤਰੀ ਤੇ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਸਬੰਧੀ ਘੁਟਾਲੇ ਦਾ ਮੁੱਦਾ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਚੁੱਕਿਆ ਹੈ ਅਤੇ ਥਾਵਰ ਚੰਦ ਗਹਿਲੋਤ ਨੇ ਇਸ ਦੀ ਗੰਭੀਰਤਾ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। ਮਹਾਂਮਾਰੀ ਦੇ ਇਸ ਦੌਰ ਵਿੱਚ ਕੇਂਦਰੀ ਮੰਤਰੀ ਵੱਲੋਂ ਅਕਾਲੀ ਭਾਜਪਾ ਵਫਦ ਨੂੰ ਮੁਲਾਕਾਤ ਲਈ ਸਮਾਂ ਦੇਣ ਦਾ ਰਣੀਕੇ ਨੇ ਧੰਨਵਾਦ ਵੀ ਕੀਤਾ। ਇਸ ਵਫਦ ਨੇ ਕੇਂਦਰੀ ਮੰਤਰੀ ਨੂੰ ਇੱਕ ਮੈਮੋਰੇਂਡਮ ਵੀ ਸੌਂਪਿਆ।
ਅਕਾਲੀ-ਭਾਜਪਾ ਦੇ ਇਸ ਵਫ਼ਦ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਿਨੇਟ ਮੰਤਰੀ ਸੋਹਣ ਸਿੰਘ ਠੰਡਲ, ਵਿਧਾਇਕ ਪਵਨ ਟੀਨੂੰ, ਵਿਧਾਇਕ ਬਲਦੇਵ ਖਹਿਰਾ ਅਤੇ ਵਿਧਾਇਕ ਸੁਖਵਿੰਦਰ ਕੁਮਾਰ ਸ਼ਾਮਿਲ ਸਨ।
ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਸ ਕਥਿਤ ਘੁਟਾਲੇ ਵਿੱਚ ਉੱਭਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸਾਂਸਦ ਸੋਮ ਪ੍ਰਕਾਸ਼ ਨੇ ਥਾਵਰ ਚੰਦ ਗਹਿਲੋਤ ਨੂੰ ਇੱਕ ਚਿੱਠੀ ਵੀ ਲਿਖੀ ਸੀ ਜਿਸਦਾ ਸੰਗਿਆਨ ਲੈਂਦੇ ਹੋਏ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਇਸ ਘੁਟਾਲੇ ਦੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਸਨ। ਜਾਂਚ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਉੱਪਰ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ ਸੰਵਿਧਾਨ ਦੇ ਸੰਘੀ ਢਾਂਚੇ ਉਪਰ ਹਮਲਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਕੇਂਦਰ ਸਰਕਾਰ ਗੈਰ ਭਾਜਪਾ ਸਰਕਾਰਾਂ ਵਾਲੇ ਰਾਜਾਂ ਉੱਪਰ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਨ੍ਹਾਂ ਦੀ ਸਰਕਾਰ ਨਹੀਂ ਡੋਲੇਗੀ।