ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੇ ਸਾਲ 1984 ਵਿੱਚ ਹੋਏ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਵਿੱਚ ਆਪਣੀ ਜ਼ਮਾਨਤ ਅਰਜ਼ੀ ਉੱਤੇ ਛੇਤੀ ਸੁਣਵਾਈ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ।
ਸੱਜਣ ਕੁਮਾਰ ਦੇ ਵਕੀਲ ਸ਼ੇਖਰ ਨਾਫਡੇ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਪਟੀਸ਼ਨ ਦਾਖ਼ਲ ਕੀਤੀ। ਗੋਗੋਈ ਨੇ ਕਿਹਾ ਕਿ ਬੈਂਚ ਇਸ ਉੱਤੇ ਵਿਚਾਰ ਕਰੇਗਾ। ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦਸੰਬਰ 2018 ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਸੀ।
ਉਨ੍ਹਾਂ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ ਜੋ ਕਿ ਹਾਲੇ ਤੱਕ ਪੈਂਡਿੰਗ ਹੈ। ਸੱਜਣ ਕੁਮਾਰ ਅਤੇ ਪੰਜ ਹੋਰਨਾਂ ਨੇ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਕੈਂਟ ਦੇ ਰਾਜਨਗਰ ਖੇਤਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਕਹਿਰ ਸਿੰਘ, ਗੁਰਪ੍ਰੀਤ ਸਿੰਘ ਰਘੁਵੇਂਦਰ ਸਿੰਘ, ਨਰਿੰਦਰ ਪਾਲ ਸਿੰਘ ਅਤੇ ਕੁਲਦੀਪ ਸਿੰਘ ਦੇ ਕਤਲ ਵਾਲੀ ਭੀੜ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ।
ਸਾਲ 2005 ਵਿੱਚ ਜਸਟਿਸ ਜੀਟੀ ਨਾਨਾਵਤੀ ਕਮਿਸ਼ਨ ਦੀ ਸਿਫਾਰਸ਼ ਉੱਤੇ ਸੱਜਣ ਕੁਮਾਰ ਅਤੇ ਹੋਰਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।