ਨਵੀਂ ਦਿੱਲੀ: ਜੰਤਰ ਮੰਤਰ ਵਿਖੇ ਪੰਜਾਬ ਕਾਂਗਰਸ ਦੇ ਸਾਂਸਦ ਅਤੇ ਵਿਧਾਇਕ 7 ਦਸੰਬਰ ਤੋਂ ਕਿਸਾਨਾਂ ਦੇ ਸਮਰਥਨ ਵਿੱਚ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਸੀਨੀਅਰ ਕਾਂਗਰਸੀ ਨੇਤਾ ਸਲਮਾਨ ਖੁਰਸ਼ੀਦ ਵੀ ਇਸ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਕੈਬਿਨੇਟ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਨਮਾਨ ਦੇਣਾ ਚਾਹੀਦਾ ਹੈ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣੇ ਚਾਹੀਦੇ ਹਨ।
ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਕਾਰ ਪਰਾਲੀ ਅਤੇ ਬਿਜਲੀ ਬਿੱਲ ਨੂੰ ਵਾਪਸ ਲੈਣ ਦੀ ਗੱਲ ਕਰ ਰਹੀ ਹੈ ਪਰ ਇਹ ਦੋਨੋਂ ਬਿੱਲ ਤਾਂ ਕਦੇ ਵੀ ਸੰਸਦ ਵਿੱਚ ਪੇਸ਼ ਹੀ ਨਹੀਂ ਹੋਏ। ਰਵਨੀਤ ਸਿੰਘ ਬਿੱਟੂ ਦੇ ਖਿਲਾਫ਼ ਪੰਜਾਬ ਵਿੱਚ ਧਰਨਾ ਪ੍ਰਦਰਸ਼ਨ ਵੀ ਹੋ ਰਹੇ ਹਨ ਜਿਸ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਪ੍ਰਦਰਸ਼ਨ ਵਿਚ ਉਨ੍ਹਾਂ ਦੇ ਪੁਤਲੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੱਗ 'ਤੇ ਹਮਲੇ ਕਰਨ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਭਾਜਪਾ ਜਾਂ ਆਰਐਸਐਸ ਜੋ ਵੀ ਅਜਿਹੇ ਪ੍ਰਦਰਸ਼ਨ ਕਰ ਰਹੀ ਹੈ ਉਨ੍ਹਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਆਹਤ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂ ਤੇ ਸਿੱਖ ਵਿੱਚ ਜ਼ਹਿਰ ਨਹੀਂ ਖੋਲ੍ਹਣਾ ਚਾਹੀਦਾ। ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਤੰਜ ਕੱਸਦਿਆਂ ਕਿਹਾ ਕਿ ਅਸ਼ਵਨੀ ਸ਼ਰਮਾ ਵੀ ਥੋੜ੍ਹੇ ਦਿਨਾਂ ਬਾਅਦ ਲੁਧਿਆਣਾ ਆ ਰਹੇ ਹਨ ਅਤੇ ਉਨ੍ਹਾਂ ਨੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸ਼ਰਮਾ ਦੀ ਸੇਵਾ ਕਰਨ ਬਾਰੇ ਬੇਨਤੀ ਕੀਤੀ ਹੈ।
ਇਸ ਧਰਨਾ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਹਨ ਅਤੇ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਕੁੱਝ ਮੀਡੀਆ ਵੱਲੋਂ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਖ਼ਾਲਸਾ ਏਡ ਕਈ ਵਰ੍ਹਿਆਂ ਤੋਂ ਵੱਖ-ਵੱਖ ਦੇਸ਼ਾਂ ਅਤੇ ਸੂਬਿਆਂ ਵਿੱਚ ਮੁਸੀਬਤ ਵੇਲੇ ਸਹਾਇਤਾ ਕਰਦੇ ਆਏ ਹਨ ਅਤੇ ਉਨ੍ਹਾਂ ਨੂੰ ਬਦਨਾਮ ਕੀਤੇ ਜਾਣ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਵੇਗੀ।