ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਪਰਾਲੀ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ।
ਇਸ ਮਾਮਲੇ ਵਿੱਚ ਜਸਟਿਸ ਮਿਸ਼ਰਾ ਨੇ ਕਿਹਾ ਕਿ ਹਰ ਕੋਈ ਜਾਣਦਾ ਸੀ ਕਿ ਪਰਾਲੀ ਹਰ ਸਾਲ ਸਾੜੀ ਜਾਂਦੀ ਹੈ ਅਤੇ ਇਸ ਸਾਲ ਵੀ ਪਰਾਲੀ ਨੂੰ ਅੱਗ ਲਗਾਈ ਜਾਵੇਗੀ। ਸਰਕਾਰ ਪਹਿਲਾਂ ਤੋਂ ਕਿਉਂ ਤਿਆਰ ਨਹੀਂ ਸੀ ਅਤੇ ਮਸ਼ੀਨਾਂ ਕਿਉਂ ਨਹੀਂ ਦਿੱਤੀਆਂ ਗਈਆਂ? ਅਜਿਹਾ ਲੱਗਦਾ ਹੈ ਕਿ ਸਾਰੇ ਸਾਲ ਦੌਰਾਨ ਕੋਈ ਕਦਮ ਨਹੀਂ ਚੁੱਕੇ ਗਏ ਸਨ।
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮੁੱਦੇ ਨਾਲ ਨਜਿੱਠਣ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ, "ਤੁਸੀਂ ਆਪਣੀ ਡਿਊਟੀ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹੋ।"
ਦਰਅਸਲ ਪਰਾਲੀ ਨੂੰ ਅੱਗ ਲਗਾਉਣ ਕਰਕੇ ਕਈ ਸੂਬਿਆਂ ਵਿੱਚ ਪ੍ਰਦੂਸ਼ਣ ਕਾਫੀ ਵੱਧ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਤਾਂ ਸਾਹ ਤੱਕ ਲੈਣਾ ਔਖਾ ਹੋਇਆ ਪਿਆ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਸੀ ਪਰ ਇਸਦੇ ਬਾਵਜੂਦ ਕਈ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ।
ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੇ ਸਰਕਾਰ ਦੀ ਅਪੀਲ ਨੂੰ ਵੇਖਦਿਆਂ ਅਤੇ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਨੂੰ ਵੇਖਦਿਆਂ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ।