ਨਵੀਂ ਦਿੱਲੀ: ਕੋਰੋਨਾ ਸਕੰਟ ਉੱਤੇ ਲੌਕਡਾਊਨ ਕਾਰਨ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਹੋਈ। ਇਸ ਦੌਰਾਨ ਕਾਂਗਰਸ ਦੀ ਆਗੂ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਉੱਤੇ ਨਿਸ਼ਾਨ ਸਾਧਿਆ। ਸੋਨੀਆ ਗਾਂਧੀ ਨੇ ਕਿਹਾ ਕਿ 21 ਦਿਨ ਦਾ ਲੌਕਡਾਊਨ ਜ਼ਰੂਰੀ ਸੀ, ਪਰ ਇਸ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਗਿਆ। ਲੌਕਡਾਊਨ ਦੇ ਕਾਰਨ ਲੱਖਾਂ ਪ੍ਰਵਾਸੀ ਮਜ਼ਦੂਰਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕਰਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਡਾਕਟਰਾਂ, ਨਰਸਾਂ ਤੇ ਹਸਪਤਾਲ ਕਰਮਚਾਰੀਆਂ ਨੂੰ ਵਿਅਕਤੀਗਤ ਤੌਰ ਉੱਤੇ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਫ਼ਸਲ ਕਟਾਈ ਲਈ ਕਿਸਾਨਾਂ ਉੱਤੇ ਲਗਾਈ ਰੋਕ ਨੂੰ ਹਟਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੱਧ ਵਰਗ ਦੇ ਲੋਕਾਂ ਲਈ ਕੋਈ ਰਾਹਤ ਸਕੀਮ ਤਿਆਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ, ਸਗੰਠਨਾਂ, ਨੇਤਾਵਾਂ ਤੇ ਕਾਰਜਕਾਰੀਆਂ ਨੂੰ ਅੱਗੇ ਵੱਧਣਾ ਚਾਹੀਦਾ ਹੈ ਤੇ ਗਰੀਬ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ।