ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਦੇਸ਼ ਭਰ ਵਿੱਚ ਹੋ ਰਹੇ ਪ੍ਰਦਰਸ਼ਨਾਂ ਵਿਚਕਾਰ ਕਾਂਗਰਸ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਇੱਕ ਵੀਡੀਓ ਜਾਰੀ ਕਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ, "ਨਾਗਰਿਕਤਾ ਸੋਧ ਕਾਨੂੰਨ ਭੇਦਭਾਵ ਵਾਲਾ ਹੈ। ਨੋਟਬੰਦੀ ਦੀ ਤਰ੍ਹਾਂ ਇੱਕ ਵਾਰ ਮੁੜ ਲੋਕਾਂ ਨੂੰ ਕਤਾਰਾਂ ਵਿੱਚ ਖੜਨ 'ਤੇ ਮਜਬੂਰ ਹੋਣਾ ਪਵੇਗਾ ਤੇ ਆਪਣੀ ਅਤੇ ਆਪਣੇ ਪੁਰਖਿਆਂ ਦੀ ਨਾਗਰਿਕਤਾ ਸਾਬਤ ਕਰਨੀ ਪਵੇਗੀ।"
ਇਸ ਤੋਂ ਇਲਾਵਾ ਸੋਨੀਆ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਸਰਕਾਰ ਦੇ ਗ਼ਲਤ ਫ਼ੈਸਲਿਆਂ ਤੇ ਆਪਣੀਆਂ ਚਿੰਤਾਵਾਂ ਨੂੰ ਵਿਅਕਤ ਕਰਨ ਦਾ ਹੱਕ ਹੈ ਤੇ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਗੱਲ ਸੁਣ ਉਨ੍ਹਾਂ ਦੀ ਚਿੰਤਾ ਦੂਰ ਕਰੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਭਾਜਪਾ ਨੇ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਹੈ ਤੇ ਉਨ੍ਹਾਂ ਦੀ ਅਸਹਿਮਤੀ ਦੀ ਆਵਾਜ਼ ਨੂੰ ਦਬਾਇਆ ਹੈ। ਇਸ ਦੀ ਨਿਖੇਧੀ ਕਰਦਿਆਂ ਸੋਨੀਆ ਨੇ ਕਿਹਾ ਕਿ ਉਨ੍ਹਾਂ ਨਾਗਰਕਿਤਾ ਸੋਧ ਕਾਨੂੰਨ ਦੇ ਖ਼ਿਲਾਫ਼ ਲੋਕਾਂ ਨਾਲ ਖੜੇ ਹਨ।
ਇਹ ਵੀ ਪੜ੍ਹੋ: CAA ਖ਼ਿਲਾਫ਼ ਹਿੰਸਕ ਪ੍ਰਦਰਸ਼ਨ, ਦਿੱਲੀ 'ਚ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪੂਰੇ ਦੇਸ਼ ‘ਚ ਪ੍ਰਦਰਸ਼ਨ ਹੋ ਰਹੇ ਹਨ। ਉੱਤਰ ਤੋਂ ਦੱਖਣ ਤੇ ਪੂਰਬ ਤੋਂ ਪੱਛਮ ਦੇ ਸੂਬਿਆਂ ‘ਚ ਇਸ ਕਾਨੂੰਨ ਨੂੰ ਲਾਗੂ ਕਰਨ ਖ਼ਿਲਾਫ਼ ਲੋਕ ਸੜਕਾਂ ‘ਤੇ ਹਨ। ਕਈ ਥਾਵਾਂ ਤੋਂ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿੱਚ ਕਈ ਪ੍ਰਦਰਸ਼ਨਕਾਰੀ ਅਤੇ ਪੁਲਿਸਕਰਮੀ ਜ਼ਖ਼ਮੀ ਹੋਏ ਹਨ।