ਨਵੀਂ ਦਿੱਲੀ: ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਕਾਂਗਰਸ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ, ਕਾਂਗਰਸ ਸਮਰਥਿਤ ਸਰਕਾਰਾਂ ਦੇ ਮੁੱਖ ਮੰਤਰੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵਰਚੂਅਲ ਬੈਠਕ ਕੀਤੀ। ਬੈਠਕ ਵਿੱਚ ਜੀਐਸਟੀ ਅਤੇ ਨੀਟ-ਜੇਈਈ ਪ੍ਰਖਿਆਵਾਂ ਸਮੇਤ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ।
ਬੈਠਕ ਵਿੱਚ ਇਸ ਗੱਲ 'ਤੇ ਸਹਿਮਤੀ ਬਣੀ ਹੈ ਕਿ ਨੀਟ-ਜੇਈਈ ਪ੍ਰਖਿਆਵਾਂ ਕਰਵਾਉਣ ਦੇ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਹਾਲਾਂਕਿ ਜਿਸ ਸਮੇਂ ਇਹ ਸਹਿਮਤੀ ਬਣੀ ਉਦੋਂ ਤੱਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਆਪਣਾ ਬਿਆਨ ਦੇ ਕੇ ਮੀਟਿੰਗ ਤੋਂ ਬਾਹਰ ਜਾ ਚੁੱਕੇ ਸਨ। ਅਜਿਹੇ ਵਿੱਚ ਇਸ ਮਾਮਲੇ 'ਤੇ ਉਨ੍ਹਾਂ ਦੀ ਰਸਮੀ ਸਹਿਮਤੀ ਦਾ ਇੰਤਜ਼ਾਰ ਹੈ ਪਰ ਮਹਾਰਾਸ਼ਟਰ ਸਰਕਾਰ ਪਹਿਲਾਂ ਹੀ ਪ੍ਰਿਖਿਆ ਲੈਣ ਦੇ ਫ਼ੈਸਲੇ ਦਾ ਵਿਰੋਧ ਕਰ ਚੁੱਕੀ ਹੈ।
ਕੇਂਦਰ ਤੋਂ ਡਰੋ ਜਾਂ ਲੜੋ: ਠਾਕਰੇ
ਬੈਠਕ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਪਹਿਲਾਂ ਸਾਨੂੰ ਤੈਅ ਕਰਨਾ ਹੋਵੇਗਾ ਕਿ ਅਸੀਂ ਲੜਨਾ ਹੈ ਜਾਂ ਡਰਨਾ ਹੈ। ਉੱਥੇ ਹੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ 'ਤੇ ਵੰਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਾਨੂੰ ਇਕਜੁੱਟ ਹੋਣਾ ਪਵੇਗਾ ਨਹੀਂ ਤਾਂ ਦੇਸ਼ ਵਿੱਚ ਕੋਈ ਹੋਰ ਪਾਰਟੀ ਨਹੀਂ ਬਚੇਗੀ।
ਪ੍ਰਧਾਨ ਮੰਤਰੀ ਨੂੰ ਮਿਲਣ ਸਾਰੇ: ਕੈਪਟਨ ਅਮਰਿੰਦਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੈਠਕ ਦੌਰਾਨ ਕੋਰੋਨਾ ਕਾਰਨ ਪੈਦਾ ਹੋਏ ਵਿੱਤੀ ਸੰਕਟ ਦਾ ਜ਼ਿਕਰ ਕੀਤਾ ਅਤੇ ਕੇਂਦਰ ਤੋਂ ਜੀਐਸਟੀ ਦੀ ਹਿੱਸੇਦਾਰੀ ਨਾ ਮਿਲਣ ਦਾ ਮੁੱਦਾ ਚੁੱਕਿਆ। ਨੀਟ-ਜੇਈਈ ਪ੍ਰਖਿਆਵਾਂ ਦੇ ਮੁੱਦੇ 'ਤੇ ਮਮਤਾ ਬੈਨਰਜੀ ਦਾ ਸਮਰਥਨ ਕਰਦਿਆਂ ਕੈਪਟਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਮੁੱਦਾ ਸੁਪਰੀਮ ਕੋਰਟ ਅੱਗੇ ਚੁੱਕਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਬੈਠਕ ਵਿੱਚ ਸੋਨੀਆ ਗਾਂਧੀ ਤੋਂ ਇਲਾਵਾ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਸਿੰਘ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੁਡੂਚੇਰੀ ਦੇ ਸੀਐਮ ਨਰਾਇਣਸਾਮੀ, ਮਹਾਰਾਸ਼ਟਰ ਦੇ ਸੀਐਮ ਊਧਵ ਠਾਕਰੇ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹਾਜ਼ਰ ਸਨ।