ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 102ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ ਕੀਤੀ ਹੈ। ਇਨ੍ਹਾਂ ਨੇਤਾਵਾਂ ਨੇ ਇੰਦਰਾ ਗਾਂਧੀ ਦੀ ਸਮਾਧੀ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
![ਫ਼ੋਟੋ](https://etvbharatimages.akamaized.net/etvbharat/prod-images/5108082_pp.jpg)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਦੇ ਹੋਏ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਲਿਖਿਆ, ਮੈਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।
![ਫ਼ੋਟੋ](https://etvbharatimages.akamaized.net/etvbharat/prod-images/5108082_pc.jpg)
ਇਸ ਦੇ ਨਾਲ ਹੀ ਤੁਹਾਨੂੰ ਦੱਸਦਈਏ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ, 1917 ਨੂੰ ਇਲਾਹਾਬਾਦ (ਉੱਤਰ ਪ੍ਰਦੇਸ਼) ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਜਵਾਹਰ ਲਾਲ ਨਹਿਰੂ ਸਨ ਜੋ ਬ੍ਰਿਟੇਨ ਤੋਂ ਆਜ਼ਾਦੀ ਤੋਂ ਬਾਅਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਇੰਦਰਾ ਗਾਂਧੀ 1959 ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਬਣੀ ਅਤੇ ਉਨ੍ਹਾਂ ਨੇ 1960 ਤੱਕ ਇਸ ਅਹੁਦੇ 'ਤੇ ਕੰਮ ਕੀਤਾ। 1964 ਤੋਂ 1966 ਤੱਕ ਉਨ੍ਹਾਂ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੇ ਜਨਵਰੀ 1966 ਤੋਂ ਮਾਰਚ 1977 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਦਾ ਸਭ ਤੋਂ ਉੱਚਾ ਅਹੁਦਾ ਸੰਭਾਲ ਲਿਆ। ਜਨਵਰੀ 1980 ਵਿੱਚ ਉਹ ਸੱਤਵੀਂ ਲੋਕ ਸਭਾ ਲਈ ਰਾਏ ਬਰੇਲੀ (ਯੂਪੀ) ਅਤੇ ਮੇਡਕ (ਆਂਧਰਾ ਪ੍ਰਦੇਸ਼) ਤੋਂ ਮੈਂਬਰ ਬਣੇ। ਉਨ੍ਹਾਂ ਨੇ ਮੇਡਕ ਸੀਟ ਰੱਖਣ ਦਾ ਫ਼ੈਸਲਾ ਕੀਤਾ ਅਤੇ ਰਾਏ ਬਰੇਲੀ ਸੀਟ ਛੱਡ ਦਿੱਤੀ। 1967-77 ਵਿੱਚ ਉਨ੍ਹਾਂ ਨੂੰ ਕਾਂਗਰਸੀ ਸੰਸਦੀ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਜਨਵਰੀ 1980 'ਚ ਉਹ ਇੱਕ ਵਾਰ ਫਿਰ ਨੇਤਾ ਚੁਣੇ ਗਏ। ਸਾਗਰਿਕਾ ਦੀ ਲਿਖੀ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ਜੀਵਨੀ ਦਾ ਸਿਰਲੇਖ ਉਨ੍ਹਾਂ ਨੂੰ ਭਾਰਤ ਦੀ ਸਭ ਤੋਂ ਵੱਧ ਸ਼ਕਤੀਸ਼ਾਲੀ ਪ੍ਰਧਾਨ ਮੰਤਰੀ ਦੱਸਦਾ ਹੈ। ਉਨ੍ਹਾਂ ਨੇ ਸਰਕਾਰ ਵਿੱਚ ਰਹਿੰਦੇ ਹੋਏ ਕਈ ਵੱਡੇ ਫੈਸਲੇ ਲਏ ਸਨ।