ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਨਿਰਭਯਾ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਦੀ ਫ਼ਾਂਸੀ ਨੂੰ ਮੁਲਤਵੀ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸਰਕਾਰ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰੀ ਵਕੀਲ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ, ਦਿੱਲੀ ਹਾਈ ਕੋਰਟ ਨੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ।
ਦਿੱਲੀ ਹਾਈ ਕੋਰਟ ਨੇ ਨਿਰਭਯਾ ਦੇ ਚਾਰ ਦੋਸ਼ੀਆਂ, ਤਿਹਾੜ ਜੇਲ੍ਹ ਦੇ ਡੀਜੀ ਅਤੇ ਤਿਹਾੜ ਜੇਲ੍ਹ ਸੁਪਰਡੈਂਟ ਨੂੰ ਕੇਂਦਰ ਸਰਕਾਰ ਦੀ ਅਪੀਲ ਉੱਤੇ ਜਵਾਬ ਮੰਗਣ ਲਈ ਇੱਕ ਨੋਟਿਸ ਜਾਰੀ ਕੀਤਾ ਹੈ। ਸਰਕਾਰੀ ਵਕੀਲ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਮੁਲਤਵੀ ਕਰ ਦਿੱਤਾ ਸੀ।
ਦਿੱਲੀ ਹਾਈ ਕੋਰਟ ਅੱਜ ਦੁਪਹਿਰ 3 ਵਜੇ ਮਾਮਲੇ ਦੀ ਸੁਣਵਾਈ ਕਰੇਗੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨੀਵਾਰ ਨੂੰ ਨਿਰਭਯਾ ਕੇਸ ਵਿੱਚ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਦੀ ਅਪੀਲ ਖ਼ਾਰਜ ਕਰ ਦਿੱਤੀ ਸੀ। ਚਾਰਾਂ ਦੋਸ਼ੀਆਂ ਵਿਚੋਂ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਇਹ ਦੂਜੀ ਰਹਿਮ ਦੀ ਅਪੀਲ ਸੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕਰ ਚੁੱਕੇ ਹਨ। ਵਿਨੇ ਨੇ ਰਾਸ਼ਟਰਪਤੀ ਨੂੰ ਦਿੱਤੀ ਆਪਣੀ ਅਰਜ਼ੀ ਵਿਚ ਕਿਹਾ ਸੀ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਨੂੰ ਮਾਨਸਿਕ ਪਰੇਸ਼ਾਨੀ ਝੱਲਣੀ ਪਈ ਸੀ।
ਇਹ ਵੀ ਪੜ੍ਹੋ: ਹਲਦੀਰਾਮ ਦੀ ਫੈਕਟਰੀ ਵਿੱਚ ਫਟੀ ਗੈਸ ਪਾਈਪ ਲਾਈਨ, ਇੱਕ ਵਰਕਰ ਦੀ ਮੌਤ
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਦੇਣ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਟਿਆਲਾ ਦੀ ਅਦਾਲਤ ਨੇ ਆਦੇਸ਼ ਦਿੱਤਾ ਕਿ ਦੋਸ਼ੀਆਂ ਨੂੰ ਅਗਲੇ ਹੁਕਮ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ। ਪਟਿਆਲਾ ਹਾਊਸ ਕੋਰਟ ਦਾ ਹੁਕਮ ਸ਼ੁੱਕਰਵਾਰ ਸ਼ਾਮ 5:30 ਵਜੇ ਬਾਅਦ ਆਇਆ ਸੀ।