ਨਵੀਂ ਦਿੱਲੀ: ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਵਿੱਚ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੀਆਂ ਰਾਜ ਭਾਸ਼ਾਵਾਂ ਵਿੱਚ ਸ਼ਾਮਲ ਨਾ ਕਰਨ ਨੂੰ ਦੁਖਦਾਈ ਦੱਸਿਆ ਤੇ ਮੰਗ ਕੀਤੀ ਕਿ ਪੰਜਾਬੀ ਨੂੰ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ।
ਸੁਖਬੀਰ ਬਾਦਲ ਨੇ ਸਦਨ ਦੇ ਸਪੀਕਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਅਧੀਨ ਆਉਂਦਾ ਸੀ। ਬਾਦਲ ਨੇ ਕਿਹਾ ਕਿ ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਕੇ ਸਿਰਫ਼ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ’ਚ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਜੰਮੂ-ਕਸ਼ਮੀਰ ਸਟੇਟ ਹੁੰਦੀ ਸੀ, ਉਸ ਸਮੇਂ ਵੀ ਪੰਜਾਬੀ ਜੰਮੂ-ਕਸ਼ਮੀਰ ਵਿੱਚ ਲਾਗੂ ਹੁੰਦੀ ਸੀ।