ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਦੌਰਾਨ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਦਿੱਲੀ ਹਾਈ ਕੋਰਟ ਨੇ ਚਿਦੰਬਰਮ ਨੂੰ ਪਹਿਲਾਂ INX ਮੀਡੀਆ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਗਾਉਂ ਜ਼ਮਾਨਤ ਦੇਣ ਤੋਂ ਮਨਾਂ ਕਰ ਦਿੱਤਾ ਸੀ।
ਕੁੱਲ ਮਿਲਾ ਕੇ, ਫ਼ਿਲਹਾਲ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਦੂਜੇ ਪਾਸੇ ਈਡੀ ਦੀ ਪਟੀਸ਼ਨ ਉੱਤੇ ਸੁਣਵਾਈ ਜਾਰੀ ਹੈ। ਚਿਦੰਬਰਮ ਫ਼ਿਲਹਾਲ ਸੀਬੀਆਈ ਹਿਰਾਸਤ ਵਿੱਚ ਹੀ ਰਹਿਣਗੇ। ਹੁਣ ਸੀਬੀਆਈ ਦੇ ਵਿਰੁੱਧ ਇਸ ਪੜਾਅ ਵਿੱਚ ਸੁਣਵਾਈ ਨਹੀਂ ਹੋਵੇਗੀ।
ਦੱਸ ਦੇਈਏ ਕਿ ਅੱਜ ਯਾਨੀ ਸੋਮਵਾਰ ਨੂੰ ਚਿਦੰਬਰਮ ਮਾਮਲੇ ਨੂੰ ਅਦਾਲਤ ਵਿੱਚ ਸੂਚੀਬੱਧ ਨਹੀਂ ਕੀਤਾ ਗਿਆ ਸੀ। ਇਸ 'ਤੇ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੀਬੀਆਈ ਦੀ ਹਿਰਾਸਤ ਵਿੱਚ ਰੱਖਣ ਦੇ ਖਿਲਾਫ਼ ਦਾਇਰ ਪਟੀਸ਼ਨ ਨੂੰ ਸੋਮਵਾਰ ਨੂੰ ਸੂਚੀਬੱਧ ਨਹੀਂ ਕੀਤਾ ਗਿਆ ਹੈ।
ਪੀ. ਚਿਦੰਬਰਮ ਵੱਲੋਂਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਆਰ. ਭਾਨੂਮਤੀ ਅਤੇ ਜਸਟਿਸ ਏ.ਐਸ. ਬੋਪੰਨਾ ਦੇ ਬੈਂਚ ਨੂੰ ਦੱਸਿਆ ਕਿ ਦੋਹਾਂ ਮਾਮਲਿਆਂ ਦੀ ਸੁਣਵਾਈ ਸੋਮਵਾਰ ਨੂੰ ਕਰਨ ਲਈ ਸੂਚੀਬੱਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 23 ਅਗਸਤ, ਸ਼ੁਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਹਿਰਾਸਤ ਸਬੰਧੀ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ, ਪਰ ਇਸ ਨੂੰ ਸੂਚੀਬੱਧ ਨਹੀਂ ਕੀਤਾ ਗਿਆ।
ਬੈਂਚ ਨੇ ਸਿੱਬਲ ਨੂੰ ਕਿਹਾ ਕਿ ਪ੍ਰਧਾਨ ਚੀਫ਼ ਜਸਟਿਸ ਰੰਜਨ ਗੋਗੋਈ ਤੋਂ ਰਜਿਸਟਰੀ ਨੂੰ ਜ਼ਰੂਰੀ ਆਦੇਸ਼ ਮਿਲਣ ਤੋਂ ਬਾਅਦ ਉਨ੍ਹਾਂ ਦੀ ਪਟੀਸ਼ਨ ਸੁਣਵਾਈ ਲਈ ਸੂਚੀਬੱਧ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ INX ਮੀਡੀਆ ਮਾਮਲੇ ਵਿੱਚ ਦਾਇਰ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ 26 ਅਗਸਤ ਤੱਕ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਗਈ ਸੀ। ਸੁਪਰੀਮ ਕੋਰਟ ਇਸ ਮਾਮਲੇ 'ਚ ਸੀਬੀਆਈ ਅਤੇ ਈਡੀ ਦੇ ਮਾਮਲਿਆਂ ਦੀ ਸੁਣਵਾਈ 26 ਅਗਸਤ ਨੂੰ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਸੀ।
ਇਹ ਵੀ ਪੜ੍ਹੋ: ਕਰਤਾਰਪੁਰ ਕੋਰੀਡੋਰ ਦਾ ਕੰਮ ਜਲਦ ਹੋਵੇਗਾ ਪੂਰਾ: ਸਿੰਗਲਾ
ਦੱਸ ਦਈਏ ਕਿ ਚਿਦੰਬਰਮ ਨੂੰ ਸੀ.ਬੀ.ਆਈ ਨੇ 21 ਅਗਸਤ, ਬੁੱਧਵਾਰ ਨੂੰ INX ਮੀਡੀਆ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਕੇਂਦਰੀ ਮੰਤਰੀ ਚਿਦੰਬਰਮ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ INX ਮੀਡੀਆ ਮਾਮਲੇ ਵਿੱਚ ਅਗਾਉਂ ਜ਼ਮਾਨਤ ਪਟੀਸ਼ਨ ਖ਼ਾਰਜ ਕਰਨ 'ਤੇ ਦਿੱਲੀ ਹਾਈ ਕੋਰਟ ਵਿੱਚ 20 ਅਗਸਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਵਿੱਚ ਕਿਸੇ ਵੀ ਮਾਮਲੇ ਵਿੱਚ ਰਾਹਤ ਪਾਉਣ ਨੂੰ ਲੈ ਕੇ ਅਸਫ਼ਲ ਰਹੇ ਚਿਦੰਬਰਮ ਨੇ ਬੁੱਧਵਾਰ ਦੀ ਰਾਤ ਗ੍ਰਿਫ਼ਤਾਰ ਕਰ ਲਿਆ ਸੀ।