ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਵਿਗੜਦੀ ਹਾਲਤ ਨੂੰ ਵੇਖਦਿਆਂ ਹੋਇਆਂ ਸੁਪਰੀਮ ਕੋਰਟ ਤੇ ਤੋਖਲਾ ਜਤਾਇਆ ਹੈ।ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਧ ਕੇ 3 ਲੱਖ 43 ਹਜ਼ਾਰ ਤੇ ਪਹੁੰਚ ਗਈ ਹੈ।
ਜਸਟਿਸ ਆਰ.ਐਫ਼ ਨਰੀਮਨ ਨੇ ਕਿਹਾ ਕਿ ਹਰ ਲੰਘਦੇ ਦਿਨ ਦੇ ਨਾਲ ਕੋਰੋਨਾ ਦੀ ਸਥਿਤੀ ਬਹਿਤਰ ਤਾਂ ਕੀ ਹੋਣੀ ਸੀ ਸਗੋਂ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।
ਸੁਪਰੀਮ ਕੋਰਟ ਨੇ ਇਹ ਟਿੱਪਣੀ ਪੰਜਾਬ ਦੇ ਵਪਾਰੀ ਜਗਜੀਤ ਸਿੰਘ ਚਹਿਲ ਦੀ ਜ਼ਮਾਨਤ ਮਾਮਲੇ ਦੀ ਸੁਣਵਾਈ ਦੌਰਾਨ ਕੀਤੀ। ਚਹਿਲ ਨੂੰ ਅਦਾਲਤ ਨੇ ਜ਼ਮਾਨਤ 'ਤੇ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ। ਚਹਿਲ ਨੂੰ ਹਾਈ ਕੋਰਟ ਵਿੱਚ ਅਪੀਲ ਦੀ ਪੇਂਡੈਸੀ ਤੱਕ ਪੈਰੋਲ ਦਿੱਤੀ ਗਈ ਹੈ। ਦੱਸ ਦਈਏ ਕਿ ਜਗਜੀਤ ਸਿੰਘ ,ਜਗਦੀਸ਼ ਭੋਲਾ ਡਰੱਗ ਮਾਮਲੇ ਵਿੱਚ ਦੋਸ਼ੀ ਹੈ।
ਜ਼ਿਕਰ ਕਰ ਦਈਏ ਕਿ ਇਸ ਵੇਲੇ ਦੇਸ਼ ਦੀ ਹਾਲਤ ਕੋਰੋਨਾ ਵਾਇਰਸ ਨਾਲ ਵਿਗੜਦੀ ਜਾ ਰਹੀ ਹੈ। ਆਏ ਦਿਨ 10 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਤੇ ਕੱਲ੍ਹ (16,17 ਜੂਨ) ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੇ ਗਵਰਨਰਾਂ ਨਾਲ ਗੱਲਬਾਤ ਕਰ ਰਹੇ ਹਨ।