ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਪੀਆਈਐੱਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਜੰਮੂ ਕਸ਼ਮੀਰ ਵਿੱਚ ਪਾਰਟੀ ਵਰਕਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੀਤਾਰਾਮ ਯੇਚੁਰੀ ਨੇ ਪਹਿਲਾਂ ਜੰਮੂ-ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਸ੍ਰੀਨਗਰ ਹਵਾਈਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਯੇਚੁਰੀ ਦੇ ਨਾਲ ਹੀ ਇੱਕ ਵਿਦਿਆਰਥੀ ਨੂੰ ਵੀ ਉਸ ਦੇ ਮਾਪਿਆਂ ਨਾਲ ਮਿਲਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਯੇਚੁਰੀ ਆਪਣੇ ਪਾਰਟੀ ਲੀਡਰ ਤੇ ਸਾਬਕਾ ਵਿਧਾਇਕ ਮੁਹੰਮਦ ਯੁਸੂਫ ਤਾਰਿਗਾਮੀ ਨਾਲ ਮੁਲਾਕਾਤ ਕਰਨ ਲਈ ਵੀਰਵਾਰ ਨੂੰ ਜੰਮੂ-ਕਸ਼ਮੀਰ ਜਾਣਗੇ। ਯੇਚੁਰੀ ਨੇ ਕਿਹਾ ਕਿ ਉਨ੍ਹਾਂ ਦੇ ਸਫ਼ਰ ਲਈ ਕੁਝ ਵੀ ਕੀਤੇ ਜਾਣ ਦੀ ਲੋੜ ਨਹੀਂ। ਉਹ ਸਭ ਕੁਝ ਕਰਨਗੇ। ਸੂਬੇ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਤਾਰਿਗਾਮੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸੀਤਾਰਾਮ ਯੇਚੁਰੀ ਤੇ ਸੀਪੀਆਈ ਦੇ ਡੀ. ਰਾਜਾ ਪਹਿਲਾਂ ਜਦੋਂ ਜੰਮੂ-ਕਸ਼ਮੀਰ ਗਏ ਸਨ, ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਹ ਜਾਣਕਾਰੀ ਸੀਪੀਆਈ (ਐਮ) ਨੇ ਟਵੀਟ ਕਰਕੇ ਦਿੱਤੀ ਹੈ।
ਯੇਚੁਰੀ ਨੇ ਕਿਹਾ, “ਮੇਰੇ ਪਰਤਣ ਤੋਂ ਬਾਅਦ ਮਾਮਲਾ ਅੱਗੇ ਵਧੇਗਾ। ਮੈਂ ਤਾਰਿਗਾਮੀ ਨਾਲ ਮੁਲਾਕਾਤ ਦੀ ਕੋਸ਼ਿਸ਼ ਕਰਾਂਗਾ ਤੇ ਇਸ ਹੁਕਮ ਤੋਂ ਬਾਅਦ ਪ੍ਰਸਾਸ਼ਨ ਅਧਿਕਾਰੀਆਂ ਨੂੰ ਮੇਰੀ ਯਾਤਰਾ ਦੀ ਵਿਵਸਥਾ ਕਰਨੀ ਪਵੇਗੀ। ਮੈਂ ਕੋਰਟ ਦੇ ਹੁਕਮਾਂ ਮੁਤਾਬਕ ਭਲਕੇ ਜਾਵਾਂਗਾ। ਯੇਚੁਰੀ ਨੇ ਕਿਹਾ ਕਿ ਵਾਪਸ ਆਉਣ ਤੋਂ ਬਾਅਦ ਕੋਰਟ ‘ਚ ਇੱਕ ਹਲਫਨਾਮਾ ਦਾਖਲ ਕੀਤਾ ਜਾਵੇਗਾ।"