ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੇਈਈ ਮੇਨ 2020 ਅਤੇ ਨੀਟ 2020 ਦੀਆਂ ਪ੍ਰੀਖਿਆਵਾਂ ਬਾਰੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ 11 ਵਿਦਿਆਰਥੀਆਂ ਦੀ ਕੋਵਿਡ-19 ਸਥਿਤੀ ਦੇ ਮੱਦੇਨਜ਼ਰ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਮੁਲਤਵੀ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰੀਖਿਆਵਾਂ ਸਮੇਂ ਸਿਰ ਕਰਵਾਈਆਂ ਜਾਣਗੀਆਂ। ਸੁਣਵਾਈ ਦੌਰਾਨ ਜਸਟਿਸ ਅਰੁਣ ਮਿਸ਼ਰਾ ਨੇ ਕਿਹਾ ਕਿ ਸਿੱਖਿਆ ਨਾਲ ਜੁੜੀਆਂ ਚੀਜ਼ਾਂ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ, ਕਿਉਂਕਿ ਕੋਵਿਡ-19 ਇੱਕ ਸਾਲ ਹੋਰ ਜਾਰੀ ਰਹਿ ਸਕਦਾ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਮੈਡੀਕਲ ਦਾਖ਼ਲਾ ਪ੍ਰੀਖਿਆ NEET ਅਤੇ ਇੰਜੀਨੀਅਰਿੰਗ ਦਾਖ਼ਲਾ ਪ੍ਰੀਖਿਆ JEE ਮੇਨ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਪਟੀਸ਼ਨ ਵਿੱਚ ਕੋਵਿਡ-19 ਲਾਗ ਦੇ ਵੱਧ ਰਹੇ ਮਾਮਲਿਆਂ ਕਾਰਨ ਸਤੰਬਰ ਵਿੱਚ ਪ੍ਰਸਤਾਵਿਤ ਜੇਈਈ ਮੇਨ ਅਤੇ ਨੀਟ ਯੂਜੀ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਪਰ ਹੁਣ ਜੇਈਈ ਮੇਨ ਦੀ ਪ੍ਰੀਖਿਆ 1 ਸਤੰਬਰ ਤੋਂ 6 ਸਤੰਬਰ ਤੱਕ ਕਰਵਾਇਆ ਜਾਣਗੀਆਂ, ਜਦੋਂਕਿ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ।
ਪੂਰਾ ਮਾਮਲਾ ਕੀ ਹੈ?
11 ਰਾਜਾਂ ਦੇ 11 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਦੇਸ਼ ਵਿੱਚ ਕੋਵਿਡ 19 ਸੰਕਰਮਿਤ ਮਾਮਲਿਆਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜੇਈਈ ਮੇਨ ਅਤੇ ਨੀਟ ਯੂਜੀ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟੀਸ਼ਨ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐਨਟੀਏ) ਦੇ 3 ਜੁਲਾਈ ਦੇ ਨੋਟਿਸ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਜਦੋਂ ਤੱਕ ਸਥਿਤੀ ਸਧਾਰਣ ਨਹੀਂ ਹੁੰਦੀ, ਉਸ ਵੇਲੇ ਤੱਕ ਪ੍ਰੀਖਿਆ ਨਾ ਕਰਵਾਈਆਂ ਜਾਣ।