ਨਵੀਂ ਦਿੱਲੀ: ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਕਾਰਨ ਰਾਜਧਾਨੀ ਦਿੱਲੀ ਦਾ ਹਾਲ ਬੇਹਾਲ ਹੋ ਗਿਆ ਹੈ। ਉੱਥੇ ਹੀ ਸੁਪਰੀਮ ਕੋਰਟ ਇਸ ਮਾਮਲੇ ਨੂੰ ਲੈ ਕੇ ਸਖ਼ਤ ਰੁਖ ਅਪਣਾ ਰਹੀ ਹੈ।
ਕੋਰਟ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਅਜੇ ਵੀ ਪਰਾਲੀ ਸਾੜੀ ਜਾ ਰਹੀ ਹੈ। ਕੋਰਟ ਨੇ ਕਿਹਾ ਕਿ ਪਰਾਲੀ ਸਾੜਨ ਦੀ ਸੈਟਲਾਈਟ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਯੂਪੀ ਦੇ ਮੁੱਖ ਸਕੱਤਰਾਂ ਨੂੰ ਤਲਬ ਕਰ ਦਿੱਤਾ ਹੈ। ਕੋਰਟ ਨੇ ਤਿੰਨ੍ਹੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ 29 ਨਵੰਬਰ ਨੂੰ ਕੋਰਟ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੋਰਟ ਨੇ ਮੁੱਖ ਸਕੱਤਰਾਂ ਨੂੰ 25 ਨਵੰਬਰ ਤੱਕ ਹਲਫਨਾਮਾ ਦਾਇਰ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਆਖਰ ਕਦੋਂ ਤੱਕ ਲੋਕ ਜ਼ਹਿਰੀਲੀ ਹਵਾ 'ਚ ਸਾਹ ਲੈਣਗੇ। ਉੱਥੇ ਹੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਹਵਾ ਪ੍ਰਦੂਸ਼ਣ ਦਾ ਡਾਟਾ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਅੱਜ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ 800 ਪਾਰ ਕਰ ਗਿਆ ਹੈ, ਜਿਸ ਨਾਲ ਹਰ ਕੋਈ ਪ੍ਰਭਾਵਤ ਹੋ ਰਿਹਾ ਹੈ। ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਪ੍ਰਦੂਸ਼ਣ 'ਤੇ ਕੰਟਰੋਲ ਕਰਨ ਵਿੱਚ ਕਿਨ੍ਹਾਂ ਸਮਾਂ ਹੋਰ ਲਗੇਗਾ? ਉੱਥੇ ਹੀ ਦਿੱਲੀ ਵਿੱਚ ਜਾਰੀ ਓਡ-ਈਵਨ ਨੂੰ ਲੈ ਕੇ ਕੋਰਟ ਨੇ ਪੁੱਛਿਆ ਹੈ ਕਿ ਇਸ ਨਾਲ ਕਿੰਨਾ ਫਾਇਦਾ ਹੋਇਆ ਹੈ, ਇਹ ਦੱਸਿਆ ਜਾਵੇ। ਇਸ ਦੇ ਨਾਲ ਹੀ ਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ 60 ਫੀਸਦੀ ਪ੍ਰਦੂਸ਼ਣ ਦਿੱਲੀ ਦਾ ਆਪਣਾ ਹੈ।