ਨਵੀਂ ਦਿੱਲੀ: ਕੇਂਦਰ ਅਤੇ ਕਿਸਾਨਾਂ ਦਰਮਿਆਨ 10ਵੇਂ ਦੌਰ ਦੀ ਮੀਟਿੰਗ ਦੁਪਹਿਰ 2 ਵਜੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗੀ। ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਸੋਧ ਲਈ ਤਿਆਰ ਹੈ ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਮਸਲੇ ਦਾ ਹੱਲ ਨਹੀਂ ਨਿਕਲ ਰਿਹਾ।
ਹਰ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਬੈਠਕ ਦੀ ਨਵੀਂ ਤਾਰੀਖ਼ ਦੇ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 9ਵੇਂ ਗੇੜ 15 ਜਨਵਰੀ ਦੀ ਬੈਠਕ ਤੋਂ ਬਾਅਦ ਕੇਂਦਰ ਵੱਲੋਂ ਕਿਸਾਨਾਂ ਨੂੰ ਬੈਠਕ ਲਈ 19 ਜਨਵਰੀ ਦਾ ਸਮਾਂ ਦੇ ਦਿੱਤਾ ਗਿਆ ਸੀ। ਜੋ ਕਿ ਅਚਾਨਕ ਬਦਲ ਕੇ 20 ਜਨਵਰੀ ਨੂੰ ਕਰ ਦਿੱਤਾ ਗਿਆ। ਖੇਤੀਬਾੜੀ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸਦੇ ਲਈ ਤਿਆਰੀਆਂ ਜ਼ੋਰਾਂ 'ਤੇ ਹਨ ਇਸ ਦੇ ਨਾਲ ਹੀ ਹੋਰ ਵੀ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।
ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 9 ਗੇੜਾਂ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਜੋ ਬੇਸਿੱਟਾਂ ਰਹੀਆਂ ਹਨ।