ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਲਸ਼ਕਰ-ਏ-ਤੋਇਬਾ (ਲਸ਼ਕਰ) ਦੇ 3 ਓਵਰਗ੍ਰਾਊਂਡ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਗ਼ੈਰ-ਕਾਨੂੰਨੀ ਸਮੱਗਰੀ ਮਿਲੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਉੱਤਰ ਕਸ਼ਮੀਰ ਦੇ ਜ਼ਿਲ੍ਹੇ ਦੇ ਹਾਜਿਨ ਖੇਤਰ ਦੇ ਮੁੱਖ ਬਾਜ਼ਾਰ ਵਿੱਚ ਲਸ਼ਕਰ ਦੇ ਸਰਗਰਮ ਅੱਤਵਾਦੀਆਂ ਦੇ ਇਸ਼ਾਰੇ ‘ਤੇ ਬਦਮਾਸ਼ਾਂ ਵੱਲੋਂ ਪਾਕਿਸਤਾਨੀ ਝੰਡੇ ਲਹਿਰਾਉਣ ਬਾਰੇ ਜਾਣਕਾਰੀ ਮਿਲੀ ਸੀ।
ਉਨ੍ਹਾਂ ਕਿਹਾ, "ਹਾਜਿਨ ਕਸਬੇ ਦੇ ਆਮ ਲੋਕਾਂ ਵਿੱਚ ਡਰ ਦੀ ਮਾਨਸਿਕਤਾ ਪੈਦਾ ਕਰਨ ਅਤੇ ਦੇਸ਼ ਵਿਰੋਧੀ ਭਾਵਨਾਵਾਂ ਭੜਕਾਉਣ ਦੇ ਮਕਸਦ ਨਾਲ ਝੰਡੇ ਲਹਿਰਾਏ ਗਏ ਸਨ।"
ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਕਾਨੂੰਨ ਦੀਆਂ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁਜੀਬ ਸ਼ਮਸ, ਤਨਵੀਰ ਅਹਿਮਦ ਮੀਰ ਅਤੇ ਇਮਤਿਆਜ਼ ਅਹਿਮਦ ਸ਼ੇਖ, ਜੋ ਕਿ ਸਾਰੇ ਹਾਜੀਨ ਦੇ ਮੀਰ ਮੁਹੱਲਾ ਖੇਤਰ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਤਿੰਨਾਂ ਨੇ ਮੰਨਿਆ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਸਨ।
ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, ਕੱਪੜਾ, ਇੱਕ ਸਿਲਾਈ ਮਸ਼ੀਨ ਅਤੇ ਹੋਰ ਗ਼ੈਰ-ਕਾਨੂੰਨੀ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।