ਨਵੀਂ ਦਿੱਲੀ: ਨਿਰਭਯਾ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿੱਚ ਦਿੱਲੀ ਸਰਕਾਰ ਤੋਂ ਬਾਅਦ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਵੀ ਨਿਰਭਯਾ ਦੇ ਗੁਨਾਹਗਾਰ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਠੁਕਰਾ ਦਿੱਤਾ ਹੈ। ਉੱਥੇ ਹੀ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਨੂੰ ਪੱਤਰ ਲਿੱਖ ਕੇ ਦੋਸ਼ੀਆਂ ਦੀ ਫਾਂਸੀ ਲਈ ਨਵੀਂ ਤਰੀਕ ਮੰਗੀ ਹੈ।
ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਨੂੰ ਰਹਿਮ ਪਟੀਸ਼ਨ ਦੇ ਨਿਪਟਾਰੇ ਤੱਕ ਫਾਂਸੀ ਨੂੰ ਮੁਲਤਵੀ ਕਰਨ ਲਈ ਕਿਹਾ ਹੈ। ਨਿਰਭਯਾ ਕੇਸ ਦੇ ਦੋਸ਼ੀ ਮੁਕੇਸ਼ ਦੇ ਡੇਥ ਵਾਰੰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵੀਰਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸੁਣਵਾਈ ਹੋਈ। ਇਸ ਕੇਸ ਵਿੱਚ ਅਦਾਲਤ ਨੇ ਵੀਰਵਾਰ ਨੂੰ ਟਿੱਪਣੀ ਕਰਦੇ ਹੋਏ ਕਿਹਾ ਕਿ ਦੋਸ਼ੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਹੈ ਅਤੇ 22 ਜਨਵਰੀ ਨੂੰ ਸਿਰਫ ਪੰਜ ਦਿਨ ਬਾਕੀ ਹਨ। ਹੋ ਸਕਦਾ ਹੈ ਕਿ ਰਾਸ਼ਟਰਪਤੀ ਇੱਕ ਜਾ ਦੋ ਦਿਨਾਂ ਵਿੱਚ ਪਟੀਸ਼ਨ ਨੂੰ ਖਾਰਜ ਕਰ ਦੇਣ। ਫਿਰ ਇਹ ਲੋਕ 14 ਦਿਨਾਂ ਦਾ ਸਮਾਂ ਮੰਗਣਗੇ, ਫਿਰ ਨਵੀਂ ਤਾਰੀਕ ਮੰਗੀ ਜਾਵੇਗੀ, ਇਸ ਸਥਿਤੀ ਵਿੱਚ ਉਨ੍ਹਾਂ ਨੂੰ ਕਿਵੇਂ ਫਾਂਸੀ ਦਿੱਤੀ ਜਾਵੇਗੀ?
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਫਾਂਸੀ ਨੂੰ ਮੁਲਤਵੀ ਕਰਨ ਲਈ ਦਿੱਲੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਉਸ ਵਿੱਚ ਕਿਹਾ ਗਿਆ ਹੈ ਕਿ ਰਹਿਮ ਦੀ ਅਪੀਲ 'ਤੇ ਸਮਝੌਤਾ ਹੋਣ ਤੱਕ ਫਾਂਸੀ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ। ਪਟਿਆਲਾ ਹਾਊਸ ਕੋਰਟ ਨੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੇ ਨਿਰਭਯਾ ਕੇਸ ਦੇ ਦੋਸ਼ੀ ਮੁਕੇਸ਼ ਦੇ ਡੇਥ ਵਾਰੰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਸੁਣਵਾਈ ਦੌਰਾਨ ਹਾਈ ਕੋਰਟ ਨੇ ਦੋਸ਼ੀ ਮੁਕੇਸ਼ ਨੂੰ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਸੀ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਸੀ ਕਿ ਸਾਲ 2012 ਦੇ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਦੇ ਇੱਕ ਦੋਸ਼ੀ ਨੇ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਇਸ ਲਈ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਚਾਰ ਦੋਸ਼ੀ ਵਿਨੈ ਸ਼ਰਮਾ, ਮੁਕੇਸ਼ ਸਿੰਘ, ਅਕਸ਼ੈ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਤਿਹਾੜ ਜੇਲ੍ਹ ਵਿਚ ਫਾਂਸੀ ਦਿੱਤੀ ਜਾਣੀ ਹੈ।