ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਤੇਜ਼ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ, ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ ਦੇਸ਼ ਭਰ ਵਿੱਚ 59 ਹਜ਼ਾਰ ਤੋਂ ਪਾਰ ਹੋ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਤੱਕ 1985 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਵਿਡ-19 ਮਹਾਂਮਾਰੀ ਦੇ ਵਧ ਰਹੇ ਆਰਥਿਕ ਖਰਚਿਆਂ 'ਤੇ ਚਿੰਤਾ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲੋਕਾਂ ਨੂੰ "ਵਾਇਰਸ ਨਾਲ ਜਿਉਣਾ ਸਿੱਖਣਾ ਚਾਹੀਦਾ ਹੈ" ਕਿਉਂਕਿ ਦੇਸ਼ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60,000 ਦੇ ਅੰਕੜੇ ਤੱਕ ਪਹੁੰਚਦੀ ਨਜ਼ਰ ਆ ਰਹੀ ਹੈ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਮੰਨਿਆ ਕਿ ਰਾਜ ਨੂੰ ਵਾਇਰਸ ਦੀ ਚੇਨ ਤੋੜਨ ਵਿੱਚ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ। ਸੰਕਰਮਣ ਅਤੇ ਮੌਤ ਦੇ ਮਾਮਲੇ ਵਿਚ ਦੇਸ਼ ਵਿਚ ਸਭ ਤੋਂ ਜ਼ਿਆਦਾ ਮਾਰ ਮਹਾਰਾਸ਼ਟਰ 'ਤੇ ਪਈ ਹੈ। ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 11,967 ਹੋ ਗਈ ਹੈ, ਜਦੋਂ ਕਿ 748 ਨਵੇਂ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ 462 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਤੋਂ ਪਰਾਲੀ ਸਮੱਸਿਆ ਦੇ ਹੱਲ ਲਈ ਕੀਤੀ ਬੋਨਸ ਦੀ ਮੰਗ਼
ਦਿੱਲੀ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਰੀਜ਼ਾਂ ਦੀ ਗਿਣਤੀ 6,318 ਹੋ ਗਈ ਹੈ, 338 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਮੌਤਾਂ ਹੋਈਆਂ ਹਨ। ਵੀਰਵਾਰ ਨੂੰ ਸ਼ਹਿਰ ਵਿੱਚ 448 ਨਵੇਂ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਸਨ ਜੋ ਕਿ ਇੱਕ ਦਿਨ ਵਿੱਚ ਆਉਣ ਵਾਲੇ ਸਭ ਤੋਂ ਵੱਧ ਮਾਮਲੇ ਸਨ।
ਗੁਜਰਾਤ ਅਤੇ ਤਾਮਿਲਨਾਡੂ ਤੋਂ ਵੀ ਵੱਡੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆਏ ਜਦੋਂ ਕਿ ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਰਾਜਸਥਾਨ ਅਤੇ ਓਡੀਸ਼ਾ ਵਿੱਚ ਵੀ ਕਈ ਨਵੇਂ ਮਾਮਲੇ ਦਰਜ ਕੀਤੇ ਗਏ। ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਰਫ ਇੱਕ-ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।