ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੀਆਂ ਆਗਮੀ ਚੋਣਾਂ ਨੂੰ ਲੈ ਕੇ ਸਿਆਸਤ ਸਰਗਰਮ ਹੈ। ਆਮ ਚੋਣਾਂ ਦੇ ਸੱਦੇ ਦੌਰਾਨ ਰਾਜਨੀਤਿਕ ਪਾਰਟੀਆਂ 'ਚ ਹਲਚਲ ਹੋਰ ਵੱਧ ਗਈ ਹੈ। ਇਸ ਦੇ ਲਈ ਨਵੀਂ ਵੋਟਰ ਸੂਚੀ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਲਾਂਕਿ ਅਜੇ ਤੱਕ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਸਬੰਧੀ ਕੋਈ ਤਰੀਕ ਤੈਅ ਨਹੀਂ ਹੋਈ ਹੈ। ਗੁਰੂਦੁਆਰਾ ਗੁਰੂ ਸਿੰਘ ਸਭਾ ਦੇ ਉਪ ਪ੍ਰਧਾਨ ਦਾ ਕਹਿਣਾ ਹੈ ਕਿ ਵੋਟਰ ਕਾਰਡ ਬਣਾਉਣ ਦਾ ਕੰਮ 22 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ ਤੇ ਇਹ 20 ਨਵੰਬਰ ਤੱਕ ਚੱਲੇਗਾ। ਇਸ ਲਈ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਇਸ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਵਿਕਾਸਪੁਰੀ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਬਣੇ ਦਫ਼ਤਰ 'ਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਥੇ ਲੋਕਾਂ ਕੋਲੋਂ ਵੋਟਰ ਕਾਰਡ ਬਣਾਏ ਜਾਣ ਸਬੰਧੀ ਫਾਰਮ ਭਰਵਾਏ ਜਾ ਰਹੇ ਹਨ। ਇਸ ਦੇ ਲਈ ਖ਼ਾਸ ਤੌਰ ਗੁਰੂ ਸਿੰਘ ਸਭਾ ਵੱਲੋਂ ਸੋਸ਼ਲ ਮੀਡੀਆ 'ਤੇ ਵੀ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਅਕਾਲੀ ਦਲ ਦਿੱਲੀ ਦੇ ਆਗੂਆਂ ਨੇ ਕਿਹਾ ਕਿ ਬੇਸ਼ਕ ਅਜੇ ਚੋਣਾਂ ਲਈ ਕਾਫੀ ਸਮਾਂ ਪਿਆ ਹੈ,ਪਰ ਉਹ ਇਹ ਇਸ ਲਈ ਕਰ ਰਹੇ ਹਨ ਤਾਂ ਜੋ ਚੋਣ ਧਰਮ ਨੂੰ ਬਚਾਇਆ ਜਾ ਸਕੇ। ਉਨ੍ਹਾਂ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ 'ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਗੂਆਂ ਦੀ ਸਿਆਸਤ ਦੇ ਕਾਰਨ ਸਿੱਖ ਧਰਮ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਮੌਜੂਦਾ ਦਲਾਂ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਹੁਣ ਕਮੇਟੀ ਨਾਲ ਜੁੜੀਆਂ ਸੰਸਥਾਵਾਂ ਦੀ ਹਾਲਤ ਬੇਹਦ ਖ਼ਰਾਬ ਹੋ ਚੁੱਕੀ ਹੈ। ਸਕੂਲਾਂ ਸਣੇ ਹੋਰਨਾਂ ਸੰਸਥਾਵਾਂ ਦੇ ਸਟਾਫ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਧਿਰਾਂ ਵੱਲੋਂ ਬਾਲਾ ਸਾਹਿਬ ਹਸਪਤਾਲ ਨਾ ਬਣਾਏ ਜਾਣ ਕਾਰਨ ਕੋਰੋਨਾ ਮਹਾਂਮਾਰੀ ਦੌਰਾਨ ਕਈ ਸਿੱਖ ਭਰਾਵਾਂ ਨੂੰ ਆਪਣੀ ਜਾਨ ਗੁਆਣੀ ਪਈ।