ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਹੱਦਾਂ ਉੱਤੇ ਕਿਸਾਨ ਅੰਦੋਲਨ ਕਰ ਰਹੇ ਹਨ। ਇਹ ਕਿਸਾਨ ਅੰਦੋਲਨ 26 ਨਵੰਬਰ ਨੂੰ ਸ਼ੁਰੂ ਕੀਤਾ ਗਿਆ ਸੀ ਜੋ ਕਿ ਅੱਜ 50ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਈਟੀਵੀ ਭਾਰਤ ਨੇ ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨਾਲ ਖ਼ਾਸ ਗੱਲਬਾਤ ਕੀਤੀ।
ਸਵਰਾਜ ਇੰਡੀਆ ਦੇ ਮੁਖੀ, ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਜਾਰੀ ਕਿਸਾਨ ਅੰਦੋਲਨ ਵਿੱਚ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਮਗਰੋਂ ਹੀ ਘਰ ਪਰਤਣਗੇ। ਫਿਰ ਉਨ੍ਹਾਂ ਨੂੰ ਇੱਥੇ ਕਿੰਨੇ ਹੀ ਦਿਨ ਕਿਉਂ ਨਾ ਬੈਠਣਾ ਪਏ। ਉਨ੍ਹਾਂ ਕਿਹਾ ਕਿ ਉਨ੍ਹਾਂ ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਪਟੀਸ਼ਨ ਦਾਇਰ ਨਹੀਂ ਕੀਤੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜੋ ਕਮੇਟੀ ਦਾ ਗਠਨ ਕੀਤਾ ਹੈ ਉਹ ਉਸ ਦਾ ਵਿਰੋਧ ਸ਼ੁਰੂ ਤੋਂ ਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਉਹ ਹੀ ਲੋਕ ਹਨ, ਜੋ ਸ਼ੁਰੂ ਤੋਂ ਇਨ੍ਹਾਂ ਕਾਨੂੰਨਾਂ ਦੀ ਵਕਾਲਤ ਕਰ ਰਹੇ ਹਨ।