ਕਲਕੱਤਾ:ਕਲਕੱਤਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੀਬੀਆਈ (CBI) ਨੂੰ ਬੀਰਭੂਮ ਹਿੰਸਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਉੱਥੇ ਹਿੰਸਾ ਤੋਂ ਬਾਅਦ ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਰਾਜ ਦੀ ਮਮਤਾ ਬੈਨਰਜੀ ਸਰਕਾਰ ਵੱਲੋਂ ਗਠਿਤ ਕੀਤੀ ਐਸਆਈਟੀ (SIT) ਨੂੰ ਕੇਸ ਦੇ ਕਾਗਜ਼ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।
ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਅਤੇ ਜਸਟਿਸ ਆਰ ਭਾਰਦਵਾਜ ਨੇ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਮਾਮਲੇ ਦੀ ਅਗਲੀ ਸੁਣਵਾਈ ਲਈ 7 ਅਪਰੈਲ ਤੱਕ ਪ੍ਰਗਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਨਿਆਂ ਦੇ ਹਿੱਤ ਵਿੱਚ ਸੀਬੀਆਈ (CBI) ਜਾਂਚ ਦੇ ਹੁਕਮ ਦਿੱਤੇ ਜਾ ਰਹੇ ਹਨ।
ਦੱਸ ਦੇਈਏ ਕਿ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਟੀਐਮਸੀ (TMC) ਨੇਤਾ ਦੀ ਕਤਲ ਤੋਂ ਬਾਅਦ ਹਿੰਸਾ ਭੜਕ ਗਈ ਸੀ। ਇੱਥੇ ਕਈ ਘਰਾਂ ਨੂੰ ਅੱਗ ਲਾ ਦਿੱਤੀ ਗਈ। ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ 3 ਔਰਤਾਂ ਵੀ ਸ਼ਾਮਲ ਸਨ। ਇਸ ਮਾਮਲੇ 'ਚ ਹੁਣ ਤੱਕ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬੈਂਚ ਨੇ ਇਸ ਘਿਨਾਉਣੀ ਘਟਨਾ ਦਾ ਖੁਦ ਨੋਟਿਸ ਲਿਆ ਸੀ।
ਪੱਛਮੀ ਬੰਗਾਲ ਦੇ ਬੀਰਭੂਮ 'ਚ ਹਿੰਸਾ ਦਾ ਮਾਮਲਾ ਵੀ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਐਸਆਈਟੀ (SIT) ਦੇ ਗਠਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਸ ਮਾਮਲੇ ਦੀ ਜਾਂਚ ਐਸਆਈਟੀ (SIT) ਜਾਂ ਸੀਬੀਆਈ ਤੋਂ ਕਰਵਾਈ ਜਾਵੇ। ਇਹ ਪਟੀਸ਼ਨ ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਦਾਇਰ ਕੀਤੀ ਹੈ।
ਰਾਮਪੁਰਹਾਟ 'ਚ ਹਿੰਸਾ ਨੂੰ ਲੈ ਕੇ ਬੀਜੇਪੀ (BJP) ਅਤੇ ਟੀਐਮਸੀ (TMC) ਵਿਚਾਲੇ ਟਕਰਾਅ ਹੈ। ਟੀਐਮਸੀ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਿੰਸਾ 'ਤੇ ਬਿਆਨਬਾਜ਼ੀ ਲਈ ਰਾਜਪਾਲ ਜਗਦੀਪ ਧਨਖੜ ਨੂੰ ਹਟਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ:- ਸਾਬਕਾ ਨਗਰ ਕੌਂਸਲ ਪ੍ਰਧਾਨ ਨੇ SHO ਦੇ ਮਾਰਿਆ ਥੱਪੜ