ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ’ਤੇ ਹਨ ਤੇ ਖੇਤੀ ਕਾਨੂੰਨਾਂ ਸਬੰਧੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।
ਇਹ ਵੀ ਪੜੋ: ਖੇਤੀ ਕਾਨੂੰਨਾਂ ਨੂੰ ਲੈਕੇ ਸ਼ਾਹ ਅੱਗੇ ਕੈਪਟਨ ਦੀ ਇਹ ਮੰਗ
ਦੱਸ ਦਈਏ ਕਿ ਬਿਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ, 2020 'ਚ ਲਿਆਂਦੇ ਆਰਡੀਨੈਂਸਾਂ ਦੇ ਸਮੇਂ ਤੋਂ ਲੈ ਕੇ ਪੰਜਾਬ 'ਚ ਪ੍ਰਦਰਸ਼ਨ ਚੱਲ ਰਹੇ ਹਨ। ਉਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ, “ਭਾਵੇਂ ਹੁਣ ਤੱਕ ਇਹ ਪ੍ਰਦਰਸ਼ਨ ਵੱਡੇ ਪੱਧਰ ਉਤੇ ਸ਼ਾਂਤਮਈ ਰਹੇ ਹਨ ਪਰ ਇਸ ਤੋਂ ਲੋਕਾਂ 'ਚ ਵਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਿਹਾ ਹੈ।”
ਉਨਾਂ ਕਿਹਾ ਕਿ ਪੰਜਾਬ 'ਚ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਕਾਰਨ ਨਾ ਸਿਰਫ ਆਰਥਿਕ ਗਤੀਵਿਧੀਆਂ ਸਗੋਂ ਇਸ ਦਾ ਸਮਾਜਿਕ ਤਾਣਾ-ਬਾਣਾ ਵੀ ਅਸਰਅੰਦਾਜ਼ ਹੋਣ ਦੀ ਸੰਭਾਵਨਾ ਹੈ। ਵਿਸ਼ੇਸ਼ ਤੌਰ 'ਤੇ ਉਸ ਸਮੇਂ, ਜਦੋਂ ਸਿਆਸੀ ਪਾਰਟੀਆਂ ਅਤੇ ਹੋਰ ਸਮੂਹ ਆਪੋ-ਆਪਣੇ ਸਟੈਂਡ ਉਤੇ ਅੜੇ ਹੋਏ ਹਨ।