ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੇ ਟੀਕਾਕਰਨ ਸੰਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਸਕੂਲ ਵਿੱਚ ਦਾਖਲ ਸਾਰੇ ਵਿਦਿਆਰਥੀਆਂ (15-18 ਸਾਲ ਦੀ ਉਮਰ ਦੇ) ਨੂੰ ਕੋਰੋਨਾ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਤੇਜ਼ੀ ਨਾਲ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ, ਇਸ ਤੋਂ ਇਲਾਵਾ ਵਧਦੇ ਕੋਰੋਨਾ ਕੇਸ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਕੂਲ-ਕਾਲਜ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ।
ਪ੍ਰਸ਼ਾਸਨ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਅਤੇ ਵਿੱਦਿਅਕ ਗਤੀਵਿਧੀਆਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਾਰੀਆਂ ਕਲਾਸਾਂ ਔਨਲਾਈਨ ਮੋਡ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਵੀ ਚੱਲ ਰਿਹਾ ਹੈ।
ਦੂਜੇ ਪਾਸੇ ਜੇਕਰ ਚੰਡੀਗੜ੍ਹ 'ਚ ਕੋਰੋਨਾ ਦੀ ਸਥਿਤੀ ਦੀ ਗੱਲ ਕਰੀਏ ਤਾਂ ਇੱਥੇ ਹਰ ਰੋਜ਼ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਐਤਵਾਰ ਨੂੰ ਚੰਡੀਗੜ੍ਹ ਵਿੱਚ 666 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 2 ਹਜ਼ਾਰ 364 ਹੋ ਗਈ ਹੈ, ਇਸ ਤੋਂ ਇਲਾਵਾ ਐਤਵਾਰ ਨੂੰ 96 ਮਰੀਜ਼ਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਦੂਜੇ ਪਾਸੇ ਜੇਕਰ ਦੇਸ਼ 'ਚ ਕੋਰੋਨਾ ਦੀ ਗੱਲ ਕਰੀਏ ਤਾਂ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੀ ਲਾਗ ਦੇ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 227 ਦਿਨਾਂ 'ਚ ਰੋਜ਼ਾਨਾ ਸਾਹਮਣੇ ਆਏ ਸਭ ਤੋਂ ਵੱਧ ਮਾਮਲੇ ਹਨ। ਦੇਸ਼ ਵਿੱਚ ਸੰਕਰਮਣ ਦੇ ਨਵੇਂ ਮਾਮਲਿਆਂ ਸਮੇਤ 3,57,07,727 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ:ਪੰਜਾਬ ਕੋਰੋਨਾ ਅਲਰਟ: ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ 'ਚ 50 ਫੀਸਦ ਸਟਾਫ਼ ਨਾਲ ਹੋਵੇਗਾ ਕੰਮ