ਸਿਲੀਗੁੜੀ: ਪੱਛਮ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ ਦੇ ਬੈਨਰ ਹੇਠ ਅੱਜ ਉੱਤਰਕਨਿਆ ਅਭਿਜਨ ਰੈਲੀ ਕੀਤੀ ਗਈ। ਰੈਲੀ ਦੌਰਾਨ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋਈ, ਜਿਸ ਤੋਂ ਬਾਅਦ ਬੰਗਾਲ ਪੁਲਿਸ ਨੇ ਵੀ ਭਾਜਪਾ ਵਰਕਰਾਂ 'ਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਸਿਲੀਗੁੜੀ ਦੇ ਤਿੰਨ ਲੇਨ 'ਤੇ ਬੈਰੀਕੇਡ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਸੇ ਘਟਨਾ 'ਤੇ ਪੱਛਮ ਬੰਗਾਲ ਪੁਲਿਸ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਕ ਰਾਜਨੀਤਿਕ ਪਾਰਟੀ ਦੇ ਵਿਰੋਧ ਵਿੱਚ ਸਿਲੀਗੁੜੀ ਵਿੱਚ ਹਿੰਸਾ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਹਿੰਸਕ ਭੀੜ ਨੂੰ ਖਿੰਡਾਉਣ ਲਈ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ ਕੀਤੀ। ਪੁਲਿਸ ਨੇ ਦੱਸਿਆ ਕਿ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗ ਸਕੇਗਾ।