ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਐਸ.ਟੀ.ਐਫ ਦੀ ਜਾਂਚ ਸਹੀ ਰਾਹ ’ਤੇ ਤੇਜੀ ਨਾਲ ਚੱਲ ਰਹੀ ਹੈ ਤੇ ਡਰੱਗ ਮਾਫੀਆ ਖਿਲਾਫ ਰਿਪੋਰਟ ਖੁਲਣ ਨਾਲ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ। ਸੀਐਮ ਚੰਨੀ ਸ਼ਨੀਵਾਰ ਨੂੰ ਆਪਣੇ ਵਿਧਾਨ ਸਬਾ ਹਲਕਾ ਚਮਕੌਰ ਸਾਹਿਬ ’ਚ ਪੈਂਦੇ ਬੇਲਾ-ਪਨਿਆਲੀ ਸੜਕ ਅਤੇ ਸੱਤਲੁਜ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਰਾਜ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਐਸ.ਟੀ.ਐਫ ਦੀ ਜਾਂਚ ਸਹੀ ਰਾਹ ‘ਤੇ ਤੇਜੀ ਨਾਲ ਚੱਲ ਰਹੀ ਹੈ ਅਤੇ ਜਲਦ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਲਈ ਛੋਟ ਦੇ ਦਿੱਤੀ (High court allowed to interrogate Ram Rahim) ਹੈ ਤੇ ਪੰਜਾਬ ਪੁਲਿਸ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਜਾ ਕੇ ਬੇਅਦਬੀ ਕੇਸ ਵਿੱਚ ਉਸ ਕੋਲੋਂ ਪੁੱਛਗਿੱਛ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ 18 ਨਵੰਬਰ ਨੂੰ ਹਾਈਕੋਰਟ ਵਿੱਚ ਨਸ਼ਾ ਤਸਕਰੀ ਦੇ ਸਬੰਧ ਵਿੱਚ ਐਸਟੀਐਫ ਦੀ ਰਿਪੋਰਟ ਖੁੱਲ੍ਹਣ ਦੀ ਉਮੀਦ ਹੈ ਤੇ ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦਾ ਰਾਹ ਵੀ ਪੱਧਰਾ ਹੋ ਜਾਏਗਾ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਗਰੀਬ ਜਰੂਰ ਹਾਂ ਪਰ ਕਮਜੋਰ ਨਹੀਂ (Channi said, I am poor but not weak) ਅਤੇ ਗੁਰੂ ਦੀ ਬੇਅਦਬੀ ਕਰਨ ਵਾਲੇ ਜਲਦ ਬੇਪਰਦ ਹੋਣਗੇ (Accused of sacrilege of Guru will be unveiled soon)। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਧੱਕਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਡਰੱਗ ਮਾਫੀਆ ਖਿਲਾਫ ਰਿਪੋਰਟ ਖੁੱਲ੍ਹਣ ਨਾਲ ਕਈ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਹਰ ਫੈਸਲਾ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਲਿਆ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਵਚਨਬੱਧ ਹਨ। ਉਨ੍ਹਾਂ ਕਿਹਾ ਸਾਫ ਸੁਥਰੇ ਪ੍ਰਸ਼ਾਸਨ ਦੀ ਮਿਸਾਲ ਇਸ ਬਾਰ ਦਿਵਾਲੀ ਨੂੰ ਦੇਖਣ ਨੂੰ ਮਿਲੀ ਜਦੋਂ ਦੁਕਾਨਦਾਰਾਂ ਕੋਲੋਂ ਕੋਈ ਪੈਸੇ ਮੰਗਣ ਨਹੀਂ ਗਿਆ ਅਤੇ ਨਾ ਹੀ ਕਿਸੇ ਨੂੰ ਤੰਗ ਪੇ੍ਰਸ਼ਾਨ ਕੀਤਾ ਗਿਆ।
ਮੁੱਖ ਮੰਤਰੀ ਚੰਨੀ ਨੇ ਅਕਾਲੀਆਂ ਨੂੰ ਹੱਥ ਧਰ ਕੇ ਲਿਆ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਅਣਗੌਲਿਆ ਕੀਤਾ ਹੈ ਅਤੇ ਨਿੱਜੀ ਸੁਆਰਾਥਾਂ ਵਾਲੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ। ਸੀਐਮ ਚੰਨੀ ਨੇ ਕਿਹਾ ਕਿ ਬਾਦਲਾਂ ਨੇ ਸੱਤਾ ’ਚ ਬੈਠ ਕੇ ਅਜਿਹੇ ਕੰਮ ਕੀਤੇ, ਜਿਨ੍ਹਾਂ ਬਾਰੇ ਸੋਚਿਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਨੇ ਹਮੇਸ਼ਾ ਹੀ ਜਾਤ-ਪਾਤ ਅਤੇ ਧਰਮ ਦੇ ਨਾਮ ’ਤੇ ਵੰਡੀਆਂ ਪਾ ਕੇ ਸਮਾਜ ਵਿਚ ਨਫਰਤ ਦੀ ਗੰਦੀ ਰਾਜੀਨਤੀ ਖੇਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਸੱਤਾ ਵਿਚ ਹੋਣ ਮੋਕੇ ਉਨ੍ਹਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਸਿੱਖ ਇਤਿਹਾਸ ਨੂੰ ਦਰਸਾਉਣ ਵਾਲੇ ਥੀਮ ਪਾਰਕ ਦੇ ਨਿਰਮਾਣ ਕਾਰਜ ਨੁੰ ਪੂਰਾ ਕਰਨ ਲਈ ਕਈ ਬਾਰ ਬੇਨਤੀ ਕੀਤੀ, ਪਰ ਆਕਲੀਆਂ ਨੇ ਕਦੇ ਵੀ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ ਬਲਕਿ ਥੀਮ ਪਾਰਕ ਦੇ ਨਿਰਮਾਣ ਵਿਚ ਅੜਿੱਕੇ ਡਾਹੇ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕਈ ਨਕਲੀ ਆਮ ਆਦਮੀ ਸਿਰਫ ਰਾਜਨੀਤੀ ਚਮਕਾਉਣ ਲਈ ਤੁਰੇ ਫਿਰਦੇ ਹਨ, ਜਿੰਨਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਤੱਕ ਦੀ ਸਮਝ ਵੀ ਨਹੀਂ।ਅਜਿਹੇ ਲੋਕ ਗਰੀਬਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਝੂਠੇ ਸੁਫ਼ਨੇ ਦਿਖਾ ਕੇ ਸਿਆਸੀ ਮਨੋਰਥਾਂ ਨੂੰ ਪੂਰਾ ਕਰਨਾ ਚਾਹੁੰਦੇ ਹਨ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਅਤੇ ਤਾਜ਼ਗੀ ਕਾਰਨ ਉਹ ਲੋਕਾਂ ਦੇ ਬਹੁਤ ਹੀ ਹਰਮਨ ਪਿਆਰੇ ਨੇਤਾ ਬਣ ਗਏ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਗਰੀਬ ਲੋਕਾਂ ਦੀਆਂ ਲੋੜਾਂ ਅਤੇ ਦਰਦ ਦਾ ਪਤਾ ਹੈ ਕਿਉਂਕਿ ਉਨਾਂ ਨੇ ਖੁਦ ਗਰੀਬੀ ਹੰਢਾਈ ਹੈ।ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਲਏ ਜਾ ਰਹੇ ਲੋਕ ਪੱਖੀ ਫੈਸਲੇ ਇਸ ਦੀ ਮਿਸਾਲ ਹਨ ਜਿੰਨਾਂ ਵਿਚ ਹਰ ਵਰਗ ਦੇ ਲੋਕਾਂ ਦੀਆਂ ਜਮੀਨੀ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਵਿਧਾਇਕ ਸ਼੍ਰੀ ਦਰਸ਼ਨ ਲਾਲ ਮੰਗੂਪੁਰੀਆ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਤੱਕ ਹਰ ਇੱਕ ਦੀ ਪਹੁੰਚ ਹੈ ਜਿਸ ਦੇ ਚਲਦਿਆਂ ਸਮਾਜ ਦੇ ਸਭ ਵਰਗਾਂ ਦੀ ਸੁਣਵਾਈ ਕਰਕੇ ਸਿੱਧੇ ਮਸਲੇ ਹੱਲ ਕੀਤੇ ਜਾ ਰਹੇ ਹਨ।
ਕੈਪਟਨ ਦੀ ਕੀਤੀ ਤਾਰੀਫ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫੇਰ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਪਟਨ ਨੇ ਚਮਕੌਰ ਸਾਹਿਬ ਵਿਖੇ ਸਿੰਘ ਸ਼ਹੀਦਾਂ ਦੇ ਨਾਂ ‘ਤੇ ਥੀਮ ਪਾਰਕ ਦੀ ਸ਼ੁਰੂਆਤ ਕੀਤੀ ਸੀ ਪਰ ਇਸ ਉਪਰੰਤ 10 ਸਾਲ ਬਾਦਲ ਰਾਜ ਰਿਹਾ ਤੇ ਉਨ੍ਹਾਂ ਨੇ ਥੀਮ ਪਾਰਕ ਬਾਰੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਇਥੋਂ ਤੱਕ ਕਿਹਾ ਕਿ ਉਨ੍ਹਾਂ ਦਾ ਰੋਸਾ ਉਨ੍ਹਾਂ (ਚੰਨੀ) ਵਿਰੁੱਧ ਹੋ ਸਕਦਾ ਹੈ, ਕਾਂਗਰਸ ਵਿਰੁੱਧ ਹੋ ਸਕਦਾ ਹੈ ਪਰ ਬਾਦਲ ਨੂੰ ਘੱਟੋ ਘੱਟ ਗੁਰੂਆਂ ਤੇ ਸਿੰਘ ਸ਼ਹੀਦਾਂ ਦਾ ਧਿਆਨ ਰੱਖਣਾ ਚਾਹੀਦਾ ਸੀ ਤੇ ਥੀਮ ਪਾਰਕ ਦਾ ਕੰਮ ਨਹੀਂ ਸੀ ਰੋਕਣਾ ਚਾਹੀਦਾ। ਸੀਐਮ ਚੰਨੀ ਨੇ ਕਿਹਾ ਕਿ ਹੁਣ 14 ਨਵੰਬਰ ਨੂੰ ਇਸ ਥੀਮ ਪਾਰਕ ਦਾ ਉਦਘਾਟਨ ਹੋਣ ਜਾ ਰਿਹਾ ਹੈ ਤੇ ਇਹ ਉਨ੍ਹਾਂ ਦਾ ਇੱਕ ਵੱਡਾ ਸੁਫਨਾ ਸੀ, ਜਿਹੜਾ ਪੂਰਾ ਹੋਵੇਗਾ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਵਿਰੁੱਧ ਉਠੇ ਸੁਰ, ਏਜੀ ਨੇ ਕਿਹਾ ਕੰਮ ’ਚ ਪਾ ਰਿਹੈ ਵਿਘਣ