ਨਵੀਂ ਦਿੱਲੀ: ਪੈਟਰੋਲੀਅਮ ਕੰਪਨੀਆਂ ਨੇ ਨਵੰਬਰ ਦੇ ਪਹਿਲੇ ਹੀ ਦਿਨ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਪੈਟਰੋਲੀਅਮ ਕੰਪਨੀਆਂ ਗੈਸ ਸਿਲੰਡਰ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇਸ ਸਬੰਧ ਵਿੱਚ ਕਰਵਾ ਚੌਥ ਅਤੇ ਦੀਵਾਲੀ ਦੇ ਤਿਉਹਾਰਾਂ ਤੋਂ ਪਹਿਲਾਂ 1 ਨਵੰਬਰ ਨੂੰ ਅੱਜ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ (LPG Cylinder Price Hike) ਕੀਤਾ ਗਿਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਰਾਜਧਾਨੀ ਦਿੱਲੀ ਵਿੱਚ ਇਹ ਕੀਮਤ : ਪੈਟਰੋਲੀਅਮ ਕੰਪਨੀਆਂ ਦੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਅੱਜ ਤੋਂ ਨਵੇਂ ਰੇਟ ਲਾਗੂ ਹੋ ਗਏ ਹਨ। IOCL ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਵਪਾਰਕ ਸਿਲੰਡਰ ਦੀ ਨਵੀਂ ਕੀਮਤ 1,833 ਰੁਪਏ ਹੋ ਗਈ ਹੈ, ਜੋ ਪਹਿਲਾ 1,731 ਰੁਪਏ ਵਿੱਚ ਮਿਲ ਰਿਹਾ ਸੀ।
ਇਸ ਦੇ ਨਾਲ ਹੀ, ਮਾਇਆਨਗਰੀ ਮੁੰਬਈ 'ਚ ਨਵੀਂ ਕੀਮਤ ਵਧ ਕੇ 1785.50 ਰੁਪਏ ਹੋ ਗਈ ਹੈ, ਜੋ ਪਹਿਲਾਂ 1,684 ਰੁਪਏ 'ਚ ਮਿਲਦੀ ਸੀ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 1943 ਰੁਪਏ ਹੈ, ਜੋ ਪਹਿਲਾਂ 1839.50 ਰੁਪਏ ਸੀ। ਚੇਨਈ 'ਚ ਵੀ ਕੀਮਤ ਵਧ ਕੇ 1,999.50 ਰੁਪਏ ਹੋ ਗਈ ਹੈ, ਜੋ ਪਹਿਲਾਂ 1,898 ਰੁਪਏ ਸੀ।
ਪਿਛਲੇ ਮਹੀਨੇ ਵੀ ਵਧੀਆਂ ਸਨ ਕੀਮਤਾਂ: ਕੇਂਦਰ ਦੀ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਮਿਲਣ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਘਟਾ ਕੇ ਰਾਹਤ ਦਿੱਤੀ ਸੀ। ਇਸ ਦੇ ਨਾਲ ਹੀ, ਪੈਟਰੋਲੀਅਮ ਕੰਪਨੀਆਂ ਨੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ 'ਚ ਭਾਰੀ ਵਾਧਾ ਕੀਤਾ ਹੈ। ਪਿਛਲੇ ਮਹੀਨੇ ਅਕਤੂਬਰ ਵਿੱਚ 200 ਰੁਪਏ ਤੋਂ ਵੱਧ ਦਾ ਵਾਧਾ ਹੋਇਆ ਸੀ। ਇਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਮਹਿੰਗਾਈ ਦਾ ਬੰਬ ਫੱਟ ਗਿਆ ਹੈ।