ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਨੇ ਮਹਿਲਾ ਰੈਸਲਰ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦੇ ਬਾਵਜੂਦ ਐਫਆਈਆਰ ਦਰਜ ਨਾ ਕਰਨ ਲਈ ਦਿੱਲੀ ਪੁਲੀਸ ਨੂੰ ਨੋਟਿਸ ਭੇਜਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਵੱਲੋਂ ਦਿੱਲੀ ਪੁਲਿਸ ਨੂੰ ਭੇਜੇ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਪੁਲਿਸ ਨੇ ਰੈਸਲਰ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦੇ ਬਾਵਜੂਦ ਐਫਆਈਆਰ ਦਰਜ ਨਹੀਂ ਕੀਤੀ ਹੈ। ਇਹ ਗੰਭੀਰ ਮਾਮਲਾ ਹੈ ਕਿ ਪੀੜਤਾ ਦੀ ਸ਼ਿਕਾਇਤ ਦੇ ਬਾਵਜੂਦ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਕਮਿਸ਼ਨ ਨੇ ਕਿਹਾ ਹੈ ਕਿ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਕਈ ਲੜਕੀਆਂ ਨੇ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ, ਜਿਨ੍ਹਾਂ 'ਚ ਇਕ ਨਾਬਾਲਗ ਲੜਕੀ ਵੀ ਸ਼ਾਮਲ ਹੈ। ਇਨ੍ਹਾਂ ਸਾਰੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਬ੍ਰਿਜ ਭੂਸ਼ਣ ਸਿੰਘ ਦੇ ਕਾਰਜਕਾਲ ਦੌਰਾਨ ਹੋਏ ਜਿਨਸੀ ਸ਼ੋਸ਼ਣ ਬਾਰੇ ਗੱਲ ਕੀਤੀ ਹੈ।
ਨੋਟਿਸ 'ਚ ਸਵਾਤੀ ਮਾਲੀਵਾਲ ਨੇ ਕਿਹਾ ਹੈ ਕਿ ਪੀੜਤ ਪਹਿਲਵਾਨ ਨੇ ਕਮਿਸ਼ਨ ਨੂੰ ਦੱਸਿਆ ਕਿ ਉਸ ਨੇ 21 ਅਪ੍ਰੈਲ ਨੂੰ ਕਨਾਟ ਪਲੇਸ ਥਾਣੇ 'ਚ ਬ੍ਰਿਜਭੂਸ਼ਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਿੱਤੀ ਸੀ ਪਰ ਉਸ 'ਤੇ ਕੋਈ ਕਾਰਵਾਈ ਨਹੀਂ ਹੋਈ। 22 ਅਪਰੈਲ ਨੂੰ ਜਦੋਂ ਪੀੜਤ ਨੇ ਐਸਐਚਓ ਨੂੰ ਐਫਆਈਆਰ ਦਰਜ ਕਰਨ ਬਾਰੇ ਪੁੱਛਣ ਲਈ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਬਾਅਦ ਹੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਜਾਵੇਗੀ। ਐਸਐਚਓ ਨੇ ਕਿਹਾ ਕਿ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਸੋਮਵਾਰ ਨੂੰ ਐਫਆਈਆਰ ਦਰਜ ਕੀਤੀ ਜਾਵੇਗੀ।
ਪੀੜਤ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਸਦਰ ਵਿੱਚ ਸ਼ਿਕਾਇਤ ਦੇਣ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਖੇਡ ਵਿਭਾਗ ਵਿੱਚ ਤਾਇਨਾਤ ਇੱਕ ਆਈਪੀਐਸ ਦੇ ਫੋਨ ਆਉਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਐਫਆਈਆਰ ਦੀ ਕਾਪੀ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਕਾਰਵਾਈ ਬਾਰੇ ਜਾਣਕਾਰੀ ਮੰਗੀ ਹੈ।
ਇਹ ਵੀ ਪੜ੍ਹੋ:-Tamil Nadu Politics: ਅੰਨਾਮਾਲਾਈ ਨੇ ਆਡੀਓ ਕਲਿੱਪ ਮਾਮਲੇ 'ਤੇ ਰਾਜਨ 'ਤੇ ਕੀਤਾ ਪਲਟਵਾਰ, ਟੇਪਾਂ ਦੀ ਸੁਤੰਤਰ ਜਾਂਚ ਦੀ ਕੀਤੀ ਮੰਗ