ਨਵੀਂ ਦਿੱਲੀ: ਸੁਪਰੀਮ ਕੋਰਟ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਆਈ.ਡੀ.) ਦੁਆਰਾ ਦਰਜ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 14 ਜੁਲਾਈ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮ੍ਹਾ ਦੀ ਬੈਂਚ ਨੇ ਇਸ ਮਾਮਲੇ 'ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ।
ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਜ਼ਮਾਨਤ ਦੀ ਬੇਨਤੀ ਕਰਦਿਆਂ ਦਲੀਲ ਦਿੱਤੀ ਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਬਿਮਾਰ ਹੈ ਅਤੇ ਹਸਪਤਾਲ ਵਿੱਚ ਦਾਖ਼ਲ ਹੈ। ਬੈਂਚ ਨੇ ਕਿਹਾ ਕਿ ਇਹ ਮਾਮਲਾ 17 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਹੈ, ਪਰ ਉਹ ਇਸ ਦੀ ਸੁਣਵਾਈ 14 ਜੁਲਾਈ ਨੂੰ ਕਰਨਗੇ। ਸਿਸੋਦੀਆ ਨੇ ਪਿਛਲੇ ਹਫ਼ਤੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਸਿਸੋਦੀਆਂ ਵਲੋਂ ਦੋ ਹੁਕਮਾਂ ਨੂੰ ਚੁਣੌਤੀ : ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਹਾਈਕੋਰਟ ਨੇ ਇਨ੍ਹਾਂ ਮਾਮਲਿਆਂ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਕੋਲ ਆਬਕਾਰੀ ਵਿਭਾਗ ਵੀ ਸੀ। ਉਸ ਨੂੰ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ 'ਘੁਟਾਲੇ' ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।
30 ਮਈ ਨੂੰ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ 30 ਮਈ ਦੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਕਿਉਂਕਿ ਕਥਿਤ ਘੁਟਾਲੇ ਦੇ ਸਮੇਂ ਸਿਸੋਦੀਆ "ਉੱਚ ਅਹੁਦੇ 'ਤੇ ਸਨ" ਇਸ ਲਈ ਉਹ ਇਹ ਨਹੀਂ ਕਹਿ ਸਕਦੇ ਕਿ ਉਨ੍ਹਾਂ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਸੀ। 3 ਜੁਲਾਈ ਨੂੰ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। (ਪੀਟੀਆਈ-ਭਾਸ਼ਾ)